ਸੁਨਾਮ : ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵੱਲੋਂ ਗ੍ਰੰਥੀ ਸਥਾਪਨਾ ਦਿਵਸ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਅਤੇ ਤੀਸਰਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਇਮਲੀ ਸਾਹਿਬ ਸੁਨਾਮ ਵਿਖੇ ਕਰਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਪ੍ਰੋਫੈਸਰ ਜਗਰੂਪ ਸਿੰਘ ਰੂਪ ਖਾਲਸਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਕੀਰਤਨ ਸੁਣਾਕੇ ਨਿਹਾਲ ਕੀਤਾ , ਗਿਆਨੀ ਗੁਰਜੰਟ ਸਿੰਘ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰਇਤਿਹਾਸ ਨਾਲ ਜੋੜਿਆ, ਇਸ ਮੌਕੇ ਪ੍ਰਬੰਧਕਾਂ ਵੱਲੋਂ ਮੈਡੀਕਲ ਚੈੱਕਅਪ ਅਤੇ ਖੂਨ ਦਾਨ ਕੈਂਪ ਲਾਇਆ ਗਿਆ , ਦਵਾਈਆਂ ਫਰੀ ਦਿੱਤੀਆਂ ਗਈਆਂ। ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਹਾਨ ਗੁਰਮਤਿ ਸਮਾਗਮ ਸੰਗਤਾਂ ਨੂੰ ਗੁਰੂ ਨਾਲ ਜੋੜਨ ਲਈ ਕਰਵਾਏ ਜਾਂਦੇ ਹਨ ਜਿਸ ਵਿੱਚ ਸੰਗਤਾਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ , ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ , ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ ਅਤੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਹਾਜ਼ਰੀ ਲਵਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਾਮਿਲ ਹੋਏ ਪਤਵੰਤਿਆਂ ਨੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤਰਲੋਚਨ ਸਿੰਘ ਮੋਹਲ, ਕੁਲਵਿੰਦਰ ਸਿੰਘ ਮੋਹਲ, ਹਰਜਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਕੋਹਲੀ, ਹਰਵਿੰਦਰ ਸਿੰਘ , ਸਾਧਾ ਸਿੰਘ ਤੋਂ ਇਲਾਵਾ ਗ੍ਰੰਥੀ ਰਾਗੀ ਸਭਾ ਦੇ ਮੈਂਬਰ ਤੇ ਅਹੁਦੇਦਾਰ ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਬੀਬੀ ਗੁਰਪ੍ਰੀਤ ਕੌਰ, ਚਮਕੌਰ ਸਿੰਘ, ਸਵਰਨ ਸਿੰਘ ਆਦਿ ਸ਼ਾਮਿਲ ਸਨ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।