ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ‘ ਸੇਫ ਪੰਜਾਬ ਹੈਲਪਲਾਈਨ 97791-00200 ’ਤੇ ਬਿਨਾਂ ਕਿਸੇ ਡਰ ਤੋਂ ਜਾਣਕਾਰੀ ਸਾਂਝੀ ਕਰਨ ਦਾ ਦਿੱਤਾ ਸੱਦਾ
ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ 1 ਮਾਰਚ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ ਕੀਤੀਆਂ 1153 ਸੰਪਰਕ ਮੀਟਿੰਗਾਂ ਅਤੇ ਵਿਦਿਆਰਥੀਆਂ ਨਾਲ ਵੀ ਕੀਤੀਆਂ ਗਈਆਂ 4293 ਮੀਟਿੰਗਾਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ - 9779100200 - ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਸਦਕਾ 1 ਮਾਰਚ, 2025 ਤੋਂ ਹੁਣ ਤੱਕ 5,562 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ’ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਆਸਾਨ ਪਹੁੰਚ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨਾ ਹੈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੇਫ਼ ਪੰਜਾਬ ਚੈਟਬੋਟ ਨੇ ਨਵੇਂ ਦੌਰ ਦਾ ਆਗਾਜ਼ ਕੀਤਾ ਹੈ ਕਿਉਂਕਿ ਇਸ ਵਿੱਚ ਲੋਕਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਇਸੇ ਵਿਸ਼ੇਸ਼ਤਾ ਕਰਕੇ ਇਸਨੂੰ ਭਾਰੀ ਹੁੰਗਾਰਾ ਮਿਲਿਆ ਹੈ। ਲੋਕ ਹੁਣ ਆਪ-ਮੁਹਾਰੇ ਤਸਕਰਾਂ ਦੀ ਰਿਪੋਰਟ ਕਰਨ ਅਤੇ ਸੁਝਾਅ ਦੇਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਭਵਿੱਖ ਵਿੱਚ ਵੀ ਬਿਨਾਂ ਕਿਸੇ ਡਰ-ਭੈਅ ਤੋਂ ਇਸ ਚੈਟਬੋਟ ’ਤੇ ਨਸ਼ਾ ਤਸਕਰਾਂ ਬਾਰੇ ਗੁਪਤ ਰੂਪ ਵਿੱਚ ਹੋਰ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਆ ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤੋਂ ਇਲਾਵਾ, ਪੰਜਾਬ ਪੁਲਿਸ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ ਤਾਂ ਜੋ ਇਸ ਗੰਭੀਰ ਮਸਲੇ ਵਿਰੁੱਧ ਲੜਾਈ ਵਿੱਚ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕੀਤੀ ਜਾ ਸਕੇ।
ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਸੀਪੀ/ਐਸਐਸਪੀ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਜ਼ਿਲਿ੍ਹਆਂ ਵਿੱਚ ਸੰਪਰਕ ਪ੍ਰੋਗਰਾਮ, ਵਿਦਿਆਰਥੀਆਂ ਨਾਲ ਮੀਟਿੰਗਾਂ ਆਦਿ ਸਮੇਤ ਵੱਖ-ਵੱਖ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਨ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਗਠਨਾਂ (ਐਨਜੀਓ), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 1 ਮਾਰਚ, 2025 ਤੋਂ, ਪੰਜਾਬ ਪੁਲਿਸ ਨੇ 1153 ਸੰਪਰਕ ਮੀਟਿੰਗਾਂ ਦਾ ਆਯੋਜਨ ਕੀਤਾ ਹੈ, ਜਦੋਂ ਕਿ 4293 ਵਿਦਿਆਰਥੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 17,373 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 26,995 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤਸਕਾਂ ਦੇ ਕਬਜ਼ੇ ਵਿੱਚੋਂ 1096 ਕਿਲੋ ਹੈਰੋਇਨ, 380 ਕਿਲੋ ਅਫੀਮ, 23 ਟਨ ਭੁੱਕੀ, 29 ਕਿਲੋ ਚਰਸ, 421 ਕਿਲੋ ਗਾਂਜਾ, 6 ਕਿਲੋ ਆਈ.ਸੀ.ਈ., 3.3 ਕਿਲੋ ਕੋਕੀਨ, 32.91 ਲੱਖ ਨਸ਼ੀਲੇ ਪਦਾਰਥਾਂ/ਗੋਲੀਆਂ ਅਤੇ 12.43 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 176ਵੇਂ ਦਿਨ ਨਸ਼ਿਆਂ ਵਿਰੁੱਧ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ ਹੈ, ਜਿਸ ਤਹਿਤ ਐਤਵਾਰ ਨੂੰ 320 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 68 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 48 ਐਫਆਈਆਰਜ਼ ਦਰਜ ਕੀਤੀਆਂ ਗਈਆਂ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 5633 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 345 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 47 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ ਹੈ।