ਨੌਜਵਾਨ ਸਰਬਜੀਤ ਦੀ ਖੇਡ ਤੋਂ ਸੇਧ ਲੈਣ -ਹੇਅਰ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਹਾਲ ਵਿਖੇ ਆਯੋਜਿਤ ਕੌਮੀ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਕੌਮਾਂਤਰੀ ਪੱਧਰ ਦੇ ਦੌੜਾਕ ਸੁਨਾਮ ਦੇ ਜੰਮਪਲ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਪੁਲਿਸ ਦੇ ਖੁਫ਼ੀਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਹਾਲ ਹੀ ਵਿੱਚ ਸੰਪੰਨ ਹੋਈਆਂ ਵਰਲਡ ਪੁਲਿਸ ਗੇਮਜ਼ ਵਿੱਚ ਗੋਲਡ ਮੈਡਲ ਜਿੱਤਿਆ ਸੀ। ਲੋਕ ਸਭਾ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਦੀ ਖੇਡ ਤੋਂ ਪ੍ਰੇਰਨਾ ਲੈਕੇ ਪੜ੍ਹਾਈ ਦੇ ਨਾਲ ਖੇਡਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਕਰ ਰਹੀ ਹੈ। ਇਸੇ ਪ੍ਰੋਗਰਾਮ ਦੌਰਾਨ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਪੁੱਤਰ ਅਤੇ ਓਲੰਪੀਅਨ ਅਸ਼ੋਕ ਧਿਆਨ ਚੰਦ, ਬਾਕਸਿੰਗ ਦੇ ਸਾਬਕਾ ਨੈਸ਼ਨਲ ਕੋਚ ਅਤੇ ਦ੍ਰੋਣਾਚਾਰੀਆ ਐਵਾਰਡੀ ਗੁਰਬਖਸ਼ ਸਿੰਘ ਸੰਧੂ, ਅਰਜੁਨ ਐਵਾਰਡੀ ਅਥਲੀਟ ਸੁੱਚਾ ਸਿੰਘ, ਏਸ਼ੀਆਈ ਖੇਡਾਂ ਦੇ ਮੈਡਲਿਸਟ ਕੈਪਟਨ ਐਮ.ਪੀ. ਸਿੰਘ ਸਮੇਤ ਹੋਰ ਅੰਤਰਰਾਸ਼ਟਰੀ ਪੱਧਰ ਦੇ ਮੈਡਲ ਜੇਤੂ ਖਿਡਾਰੀਆਂ ਨੂੰ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਮਨਪ੍ਰੀਤ ਬਾਂਸਲ, ਖੇਡ ਲੇਖਕ ਮਨਦੀਪ ਸਿੰਘ ਸੁਨਾਮ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਚੀਮਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।