ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ
ਯੁੱਧ ਨਸ਼ਿਆਂ ਵਿਰੁੱਧ ਦੇ 178ਵੇਂ ਦਿਨ 630 ਗ੍ਰਾਮ ਹੈਰੋਇਨ ਸਮੇਤ 78 ਨਸ਼ਾ ਤਸਕਰ ਗ੍ਰਿਫ਼ਤਾਰ
'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਚੰਡੀਗੜ੍ਹ : ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ।
ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਸਐਸਪੀ ਨਿੱਜੀ ਤੌਰ 'ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ। ਹਾਲ ਹੀ ਵਿੱਚ, ਪਠਾਨਕੋਟ ਵਿੱਚ ਹੜ੍ਹਾਂ ਵਿੱਚ ਫਸੇ ਕੁਝ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਂ ‘ਤੇ ਲੈਜਾਇਆ ਗਿਆ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਪੰਜਾਬ ਪੁਲਿਸ ਫੋਰਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 178ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 381 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 630 ਗ੍ਰਾਮ ਹੈਰੋਇਨ, 71 ਕਿਲੋ ਭੁੱਕੀ, 659 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 78 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 420 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।