Sunday, December 07, 2025

Malwa

ਜਿਸ ਸੜਕ 'ਤੇ ਨਾਜਾਇਜ਼ ਕਬਜ਼ਿਆਂ ਕਰਕੇ ਹੋਏ ਹਾਦਸੇ, ਸਬੰਧਤ ਅਧਿਕਾਰੀਆਂ ਵਿਰੁੱਧ ਵੀ ਹੋਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

August 26, 2025 10:34 PM
Arvinder Singh

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ 'ਚ ਜ਼ਿਲ੍ਹੇ ਦੀਆਂ ਸੜਕਾਂ ਆਵਾਜਾਈ ਲਈ ਸੁਰੱਖਿਅਤ ਬਣਾਉਣ ਲਈ ਨਿਰਦੇਸ਼

ਕਿਹਾ, ਜ਼ਿਲ੍ਹੇ ਅੰਦਰ ਸੇਫ਼ ਸਕੂਲ ਵਾਹਨ ਨੀਤੀ ਵੀ ਸਖ਼ਤੀ ਨਾਲ ਲਾਗੂ ਕੀਤੀ ਜਾਵੇ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰਾਜ ਦੇ ਜ਼ਿਲ੍ਹਿਆਂ ਦੀ ਚੋਣ ਹੋਈ, ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪਟਿਆਲਾ ਵੀ ਹੈ, ਇਸ ਤਹਿਤ ਜ਼ਿਲ੍ਹੇ 'ਚ ਵਲੰਟੀਅਰਾਂ ਦੀ ਚੋਣ ਕਰਕੇ ਸੜਕ ਸੁਰੱਖਿਆ ਲਈ ਵੱਖ-ਵੱਖ ਉਪਾਓ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅੱਜ ਇੱਥੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ ਸਮੇਤ ਲੋਕ ਨਿਰਮਾਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੜਕਾਂ ਨੂੰ ਆਵਾਜਾਈ ਲਈ ਸੁਰੱਖਿਅਤ ਬਣਾਉਣ ਲਈ ਹੋਰ ਸੰਵੇਦਨਸ਼ੀਲ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਕਿਸੇ ਸੜਕ ਉਤੇ ਨਾਜਾਇਜ਼ ਕਬਜ਼ਿਆਂ ਕਰਕੇ ਵਾਪਰੇ ਹਾਦਸੇ 'ਚ ਕਿਸੇ ਦੀ ਜਾਨ ਜਾਂਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰੀ ਹੋਣਗੇ। ਉਨ੍ਹਾਂ ਨੇ ਸਮੂਹ ਐਸ.ਡੀ.ਐਮਜ ਨੂੰ ਵੀ ਹਦਾਇਤ ਕੀਤੀ ਕਿ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਿਨ੍ਹਾਂ ਆਪਣੀਆਂ ਸਬ ਡਵੀਜਨਾਂ 'ਚ ਸੁਚਾਰੂ ਆਵਾਜਾਈ ਲਈ ਬਰਸਾਤਾਂ ਕਰਕੇ ਖਰਾਬ ਹੋਣ ਵਾਲੀਆਂ ਸੜਕਾਂ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸੜਕਾਂ 'ਤੇ ਪਛਾਣੇ ਗਏ 'ਬਲੈਕ ਸਪੌਟਸ' ਦੀ ਰੋਡ ਸੇਫ਼ਟੀ ਸਲਾਹਕਾਰ ਦਫ਼ਤਰ ਵੱਲੋਂ ਪ੍ਰਾਪਤ ਰਿਪੋਰਟ ਦਾ ਜ਼ਿਲ੍ਹੇ ਦੀ ਰਿਪੋਰਟ ਨਾਲ ਮਿਲਾਣ ਕਰਕੇ ਬਲੈਕ ਸਪੌਟਸ ਨੂੰ ਖਤਮ ਕਰਕੇ ਸੜਕਾਂ ਸੁਰੱਖਿਅਤ ਬਣਾਈਆਂ ਜਾਣਗੀਆਂ। ਉਨ੍ਹਾਂ ਟ੍ਰੈਫਿਕ ਪੁਲਿਸ ਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਸ਼ਹਿਰ 'ਚ ਜਿੱਥੇ ਜਾਮ ਲੱਗਦੇ ਹਨ, ਉਨ੍ਹਾਂ ਥਾਵਾਂ 'ਤੇ ਸਾਰੀਆਂ ਰੁਕਾਵਟਾਂ ਤੁਰੰਤ ਦੂਰ ਕੀਤੀਆਂ ਜਾਣ ਤਾਂ ਕਿ ਲੋਕ ਅਜਿਹੇ ਜਾਮ ਕਰਕੇ ਪ੍ਰੇਸ਼ਾਨ ਨਾ ਹੋਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ਤੇ ਸਕੂਲਾਂ ਦੇ ਬਾਹਰ ਕੋਈ ਜਾਮ ਨਾ ਲੱਗੇ ਅਤੇ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੀ ਮਦਦ ਨਾਲ ਆਵਾਜ ਪ੍ਰਦੂਸ਼ਣ ਨੂੰ ਘੱਟ ਕਰਨਾ ਵੀ ਯਕੀਨੀ ਬਣਾਇਆ ਜਾਵ।

ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹੇ ਦੀਆਂ ਸੜਕਾਂ ਦਾ ਰੱਖ-ਰਖਾਓ ਕਰਦੇ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜੰਗਲਾਤ, ਨਗਰ ਨਿਗਮ, ਨਗਰ ਕੌਂਸਲਾਂ ਤੇ ਪੰਚਾਇਤਾਂ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ 'ਤੇ ਰੁਕਾਵਟਾਂ, ਦਰਖਤਾਂ ਦੀਆਂ ਵਾਧੂ ਟਾਹਣੀਆਂ ਦੀ ਕਟਾਈ, ਨਾਜਾਇਜ਼ ਕਬਜੇ ਅਤੇ ਦੁਕਾਨਾਂ ਮੂਹਰੇ ਰੱਖੀਆਂ ਫਲੈਕਸਾਂ ਤੇ ਵਾਧੂ ਸਾਮਾਨ ਹਟਵਾਇਆ ਜਾਵੇ।

ਉਨ੍ਹਾਂ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਵਾਹਨਾਂ 'ਤੇ ਅਣ-ਅਧਿਕਾਰਤ ਫਲੈਸ਼ਰਜ, ਬਲੈਕ ਫਿਲਮਾਂ ਤੇ ਹੂਟਰ ਆਦਿ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਆਈਰਾਡ (ਇੰਟੇਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ) ਦਾ ਜਾਇਜ਼ਾ ਲੈਂਦਿਆਂ ਪੁਲਿਸ, ਸਿਹਤ, ਲੋਕ ਨਿਰਮਾਣ ਤੇ ਮੰਡੀ ਬੋਰਡ ਤੇ ਐਨ.ਐਚ.ਏ. ਆਈ. ਨੂੰ ਸੜਕ ਹਾਦਸਿਆਂ ਦਾ ਪੂਰਾ ਵੇਰਵਾ ਦਾਖਲ ਕਰਨ ਦੀ ਵੀ ਹਦਾਇਤ ਕੀਤੀ

ਮੀਟਿੰਗ 'ਚ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਪੀ.ਡੀ.ਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਖੇਤਰੀ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਸਮੂਹ ਐਸ.ਡੀ.ਐਮਜ਼ (ਆਨਲਾਈਨ), ਐਸ.ਪੀ ਟ੍ਰੈਫਿਕ ਅੱਛਰੂ ਰਾਮ ਸ਼ਰਮਾ ਸਮੇਤ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇ, ਪੰਜਾਬ ਮੰਡੀ ਬੋਰਡ, ਨਗਰ ਨਿਗਮ ਤੇ ਪੀ.ਡੀ.ਏ, ਜੰਗਲਾਤ, ਸਿੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment