ਕੈਬਨਿਟ ਮੰਤਰੀ ਅਮਨ ਅਰੋੜਾ ਦੇ ਆਦੇਸ਼ ਉੱਤੇ ਪੱਬਾਂ ਭਾਰ ਰਾਹਤ ਟੀਮਾਂ
ਸੰਗਰੂਰ : ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਕਈ ਲੋਕ ਪ੍ਰਭਾਵਿਤ ਹੋਏ ਹਨ। ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿੱਚ ਵੀ ਬੀਤੀ ਰਾਤ ਮੀਂਹ ਕਾਰਨ ਕਈ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਨਿਰਦੇਸ਼ਾਂ ਉਤੇ ਐੱਸ ਡੀ ਐੱਮ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਡੀ ਐੱਸ ਪੀ ਸ੍ਰ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਵਿੱਚ ਟੀਮਾਂ ਤੁਰੰਤ ਮੌਕੇ ਉਤੇ ਪਹੁੰਚ ਗਈਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਟੀਮ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਐੱਸ ਡੀ ਐੱਮ ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪਿੰਡ ਤੋਲਾਵਾਲ ਵਿੱਚ 7 ਤੋਂ ਵਧੇਰੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਮੌਕਾ ਦੇਖ ਕੇ ਨੁਕਸਾਨ ਦਾ ਵੇਰਵਾ ਇਕੱਤਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਨੂੰ ਦੇਖਦਿਆਂ ਹੋਇਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਇਨਸਾਫ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਇਕ ਕਿਸਾਨ, ਮਜ਼ਦੂਰ ਅਤੇ ਪਰਿਵਾਰ ਦੀ ਹਾਲਤ ਦਾ ਜ਼ਮੀਨੀ ਪੱਧਰ ਤੇ ਮੁਆਇਨਾ ਕਰਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਉੱਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ, ਚਾਹੇ ਉਹ ਆਰਥਿਕ ਮਦਦ ਹੋਵੇ, ਘਰਾਂ ਦੀ ਮੁੜ ਤਾਮੀਰ ਹੋਵੇ ਜਾਂ ਹੋਰ ਲੋੜੀਂਦੀਆਂ ਸੁਵਿਧਾਵਾਂ ਦੇ ਦੀ ਲੋੜ ਹੋਵੇ, ਪੰਜਾਬ ਸਰਕਾਰ ਵਲੋਂ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ। ਇਥੇ ਇਹ ਜ਼ਿਕਰਯੋਗ ਹੈ ਕਿ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖਣ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਆਦੇਸ਼ ਉੱਤੇ ਉਹਨਾਂ ਦੀ ਟੀਮ ਦੇ ਮੈਂਬਰ ਅਤੇ ਰਾਹਤ ਟੀਮਾਂ ਪੱਬਾਂ ਭਾਰ ਹਨ। ਇਸ ਮੌਕੇ ਉਹਨਾਂ ਨਾਲ ਐੱਸ ਡੀ ਓ ਡਰੇਨੇਜ਼ ਸ੍ਰ ਪ੍ਰੀਤ ਇੰਦਰ ਸਿੰਘ, ਸ਼੍ਰੀ ਜਤਿੰਦਰ ਜੈਨ ਮੀਡੀਆ ਸਲਾਹਕਾਰ ਅਮਨ ਅਰੋੜਾ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਸੰਜੂ ਨਿੱਜੀ ਸਹਾਇਕ, ਸਰਪੰਚ ਗੁਰਦੀਪ ਸਿੰਘ ਦੀਪਾ ਅਤੇ ਹੋਰ ਵੀ ਹਾਜ਼ਰ ਸਨ।