ਨਮੀ ਦੀ ਮਾਤਰਾ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸਟੀਕਤਾ ਲਿਆਉਣ ਦੇ ਦਿੱਤੇ ਨਿਰਦੇਸ
ਕਿਹਾ, ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤੇ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ
ਮਾਲੇਰਕੋਟਲਾ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ, ਆੜ੍ਹਤੀਆਂ ਤੇ ਸੈਲਰ ਐਸੋਸੀਏਸ਼ਨਾਂ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਮੀਟਿੰਗ ਕੀਤੀ । ਉਨ੍ਹਾਂ ਦੱਸਿਆ ਕਿ ਝੋਨੇ ਦੇ ਆਗਾਮੀ ਸੀਜਨ 'ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਐਸੋਸੀਏਸ਼ਨਾਂ ਦੇ ਨੁਮਾਇੰਦਿਆ ਨੇ ਨਮੀ ਮਾਪ ਨੂੰ ਸਟੈਂਡਰਡਾਈਜ਼ ਕਰਨ ਸਬੰਧੀ ਮੁੱਦਾ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਮੀ ਦੀ ਮਾਤਰਾ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸਟੀਕਤਾ ਲਿਆਉਣ ਨੂੰ ਯਕੀਨੀ ਬਣਾਇਆ ਜਾਵੇ । ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਫ਼ਸਲ ਦੀ ਵਾਢੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਦੇ ਪ੍ਰਬੰਧਨ ਲਈ ਕੰਬਾਈਨ ਨਾਲ ਵਾਢੀ ਦਾ ਸਮਾਂ ਨਿਰਧਾਰਤ ਕਰਨ ਦਾ ਸੁਝਾਅ ਦਿੱਤਾ । ਉਨ੍ਹਾਂ ਭਰੋਸਾ ਦਵਾਇਆ ਕਿ ਜਲਦ ਹੀ ਇਸ ਸਬੰਧੀ ਕੰਬਾਈਨ ਮਾਲਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ ਕਿ ਸੁੱਕੇ ਝੋਨੇ ਦੀ ਹੀ ਕਟਾਈ ਐਸ.ਐਮ.ਐਸ ਲੱਗੀ ਕੰਬਾਇਨ ਨਾਲ ਕਰਨ ਨੂੰ ਯਕੀਨੀ ਬਣਾਉਣ ਅਤੇ ਜਿਆਦਾ ਨਮੀ ਵਾਲੇ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ ਕਰਨ । ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰੀਕ੍ਰਿਆਂ ਵਿੱਚ ਲੱਗੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਨਿਰਵਿਘਨ ਖ਼ਰੀਦ ਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਉਣੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸ਼ੈੱਡ,ਬਿਜਲੀ,ਤਰਪਾਲਾਂ,ਲੇਬਰ,ਟਰਾਂਸਪੋਰਟ ਸਮੇਤ ਸਾਰੇ ਜਰੂਰੀ ਬੁਨਿਆਂਦੀ ਢਾਂਚੇ ਦੀ ਵਿਵਸਥਾ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ। ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਅਤੇ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ । ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡੇਜੀ ਮਹਿਤਾ, ਪ੍ਰਧਾਨ ਆੜਤੀਆਂ ਐਸੋਸੀਏਸ਼ਨ ਮਾਲੇਰਕੋਟਲਾ ਤੀਰਥ ਸਿੰਘ ਬੜੈਚ,ਪ੍ਰਧਾਨ ਰਾਈਸ ਮਿਲਰ ਐਸੋਸੀਏਸ਼ਨ ਮਾਲੇਰਕੋਟਲਾ ਕੇਵਲ ਕ੍ਰਿਸ਼ਣ ਜਿੰਦਲ, ਅਮਨਿੰਦਰ ਸਿੰਘ ,ਸੁਖਚੈਨ ਸਿੰਘ ਭੂਦਨ,ਰਾਕੇਸ ਕੁਮਾਰ (ਰੋਕੀ), ਮਿਲਰ ਨਵੀਨ ਜਿੰਦਲ, ਮੁਨੀਸ਼ ਗੋਇਲ, ਸੁਭਾਸ਼, ਮੁਨੀਸ਼ ਸਿੰਗਲਾ ਤੋਂ ਇਲਾਵਾਂ ਹੋਰ ਨੁਮਾਇੰਦੇ ਵੀ ਮੌਜੂਦ ਸਨ।