ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮਰਹੂਮ ਹਾਸ ਕਲਾਕਾਰ ਜਸਵਿੰਦਰ ਭੱਲਾ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ. ਚੀਮਾ ਨੇ ਸ੍ਰੀਮਤੀ ਪਰਮਦੀਪ ਭੱਲਾ (ਪਤਨੀ) ਅਤੇ ਸ਼੍ਰੀ ਪੁਖਰਾਜ ਭੱਲਾ (ਪੁੱਤਰ) ਨਾਲ ਮਿਲ ਕੇ ਆਪਣੀ ਸੰਵੇਦਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦਾ ਦੇਹਾਂਤ ਪੰਜਾਬੀ ਸਿਨੇਮਾ ਅਤੇ ਰੰਗਮੰਚ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਕਲਾ ਰਾਹੀਂ ਲੱਖਾਂ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਂਦੀ ਅਤੇ ਆਪਣੀ ਨਿਮਰਤਾ ਸਦਕਾ ਹਰ ਦਿਲ ਵਿੱਚ ਥਾਂ ਬਣਾਈ।
ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ ਪਰ ਪੰਜਾਬੀ ਕਲਾ, ਸੱਭਿਆਚਾਰ ਅਤੇ ਮਨੋਰੰਜਨ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾਂ ਯਾਦ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਭੱਲਾ ਦੇ ਪੁਰਾਣੇ ਸਾਥੀ ਅਤੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਪਰਿਵਾਰ ਦੇ ਹੋਰ ਨੇੜਲੇ ਮੈਂਬਰ ਵੀ ਮੌਜੂਦ ਸਨ।