ਸੰਗਰੂਰ : ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਭਾਰੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿੱਚ ਘੱਗਰ ਦਰਿਆ ਸਬੰਧੀ ਹਾਲਾਤ ਕਾਬੂ ਵਿੱਚ ਹਨ। ਇਸ ਵੇਲੇ ਘੱਗਰ ਵਿੱਚ ਪਾਣੀ ਦਾ ਪੱਧਰ ਪੱਧਰ 744.3 ਫੁੱਟ ਹੈ ਜਦਕਿ ਖ਼ਤਰੇ ਦਾ ਨਿਸ਼ਾਨ 748 ਫੁੱਟ 'ਤੇ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਘੱਗਰ ਵਿੱਚ ਆਉਣ ਵਾਲੇ ਪਾਣੀ ਦਾ ਵਹਾਅ ਪਿੱਛੇ ਘਟ ਗਿਆ ਹੈ ਤੇ ਅਗਲੇ 20 ਘੰਟਿਆਂ ਵਿੱਚ ਘੱਗਰ ਵਿਚਲੇ ਪਾਣੀ ਦਾ ਪੱਧਰ ਹੋਰ ਵੀ ਘਟੇਗਾ। ਇਸ ਕਰ ਕੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਸ. ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਸਤੌਜ, ਹਰਿਆਊ, ਡਸਕਾ ਤੇ ਸੰਗਤਪੁਰਾ, ਜਿਨ੍ਹਾਂ ਵਿੱਚ ਭਾਰੀ ਮੀਂਹ ਕਾਰਨ ਦਿੱਕਤਾਂ ਆਈਆਂ ਹਨ, ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਰਗਰਮ ਹਨ। ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਲੋਕਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਆਧਾਰ ਉੱਤੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਕਾਰਵਾਈ ਜਾਰੀ ਹੈ। ਸ. ਚੀਮਾ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਕਾਰਨ ਜ਼ਿਲ੍ਹੇ ਵਿਚਲੀਆਂ ਡਰੇਨਾਂ ਤੇ ਸੂਇਆਂ ਵਿੱਚ ਪਏ 18 ਪਾੜਾਂ ਵਿੱਚੋਂ 12 ਨੂੰ ਬੰਦ ਕੀਤਾ ਜਾ ਚੁੱਕਿਆ ਹੈ ਤੇ ਬਾਕੀ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।