ਪਟਿਆਲਾ : ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਹੁਣ ਸ਼ਹਿਰ ਵਾਸੀ 31 ਅਗਸਤ 2025 ਤੱਕ ਆਪਣਾ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ ਦੇ ਭਰ ਸਕਣਗੇ। ਇਹ ਮੌਕਾ ਸਰਕਾਰ ਵੱਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਦਿੱਤਾ ਗਿਆ ਹੈ। ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਵਾਰ-ਵਾਰ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਸਮੇਂ ਸਿਰ ਆਪਣਾ ਟੈਕਸ ਜਰੂਰ ਭਰਨ। ਉਨ੍ਹਾਂ ਦੱਸਿਆ ਕਿ ਟੈਕਸ ਦੀ ਆਮਦਨ ਸ਼ਹਿਰ ਦੇ ਵਿਕਾਸ ਕਾਰਜਾਂ ਤੇ ਖਰਚ ਕੀਤੀ ਜਾਂਦੀ ਹੈ, ਜਿਸ ਵਿੱਚ ਸਫਾਈ, ਸੜਕਾਂ ਦੀ ਮੁਰੰਮਤ, ਲਾਈਟਾਂ ਦੀ ਸਹੂਲਤ ਅਤੇ ਹੋਰ ਜਨਹਿਤੀ ਕਾਰਜ ਸ਼ਾਮਲ ਹਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਨਾਗਰਿਕਾਂ ਦੀ ਸੁਵਿਧਾ ਲਈ ਵਾਧੂ ਕਾਊਂਟਰ ਲਗਾਏ ਗਏ ਹਨ ਅਤੇ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ, ਆਨਲਾਈਨ ਭੁਗਤਾਨ ਦੀ ਸਹੂਲਤ ਵੀ ਉਪਲੱਬਧ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਆਪਣਾ ਟੈਕਸ ਭਰ ਸਕਦੇ ਹਨ। ਜਿਨ੍ਹਾਂ ਨੂੰ ਤਕਨੀਕੀ ਜਾਣਕਾਰੀ ਨਹੀਂ ਹੈ, ਉਨ੍ਹਾਂ ਲਈ ਸਹਾਇਤਾ ਡੈਸਕ ਵੀ ਸਥਾਪਿਤ ਕੀਤੇ ਗਏ ਹਨ। ਮੇਅਰ ਨੇ ਅਖੀਰ ਵਿੱਚ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਅਗਸਤ ਤੋਂ ਪਹਿਲਾਂ ਹੀ ਆਪਣਾ ਪ੍ਰਾਪਰਟੀ ਟੈਕਸ ਜਰੂਰ ਭਰਣ, ਕਿਉਂਕਿ ਇਸ ਮਿਤੀ ਤੋਂ ਬਾਅਦ ਪੈਨਲਟੀ ਲਾਗੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਵਿਕਾਸ ਲਈ ਹਰੇਕ ਨਾਗਰਿਕ ਦਾ ਯੋਗਦਾਨ ਬਹੁਤ ਜ਼ਰੂਰੀ ਹੈ।