ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਜੋ ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ ਭਾਈ ਘਨੱਈਆ ਕੈਂਸਰ ਪ੍ਰੀਵੈਂਸ਼ਨ ਸਰਵਿਸ ਸੋਸਾਇਟੀ ਅਤੇ ਗੁੱਡ ਮਾਰਨਿੰਗ ਵੈਲਫੇਅਰ ਕਲੱਬ, ਕੋਟਕਪੂਰਾ ਵਰਗੀਆਂ ਲੋਕ ਭਲਾਈ ਸੰਸਥਾਵਾਂ ਨਾਲ ਜੁੜੇ ਹੋਏ ਹਨ, ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਮੁਸ਼ਕਿਲ ਸਮੇਂ ਲੋਕਾਂ ਦੀ ਸਹਾਇਤਾਂ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਮਨੁੱਖ, ਜਾਨਵਰ, ਫਸਲਾਂ ਅਤੇ ਹਰ ਤਰ੍ਹਾਂ ਦੀ ਬਨਸਪਤੀ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਮਨੁੱਖਤਾ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਅਤੇ 2 ਸਤੰਬਰ ਤੋਂ ਪਹਿਲਾਂ ਰਾਸ਼ਨ, ਦਵਾਈਆਂ, ਪੀਣ ਵਾਲਾ ਪਾਣੀ, ਆਟੇ ਦੀਆਂ ਬੋਰੀਆਂ, ਦਾਲਾਂ, ਜਾਨਵਰਾਂ ਲਈ ਚਾਰਾ ਆਦਿ ਦਾਨ ਕਰਨ ਲਈ ਅਪੀਲ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਯੋਗਦਾਨ ਪਾਉਣ ਦੇ ਚਾਹਵਾਨ ਲੋਕ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨਾਲ ਮੋਬਾਈਲ ਨੰਬਰ 9814226862 ‘ਤੇ ਅਤੇ ਮੇਹਰ ਸਿੰਘ ਚੰਨੀ ਨਾਲ ਮੋਬਾਈਲ ਨੰਬਰ- 9501100225 'ਤੇ ਸੰਪਰਕ ਕਰ ਸਕਦੇ ਹਨ। ਚੇਅਰਮੈਨ ਗੁਰਮੀਤ ਸਿੰਘ ਅਤੇ ਮੇਹਰ ਸਿੰਘ ਚੰਨੀ ਨੇ ਕਿਹਾ ਕਿ ਸਪੀਕਰ ਵੱਲੋਂ ਪਹਿਲਾਂ ਕੀਤੇ ਗਏ ਐਲਾਨ ਮੁਤਾਬਕ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਲਈ ਡੀਜ਼ਲ ਸੇਵਾ ਲਈ 10 ਲੱਖ ਰੁਪਏ ਦੀ ਰਾਸ਼ੀ ਵੀ ਦਾਨ ਕੀਤੀ ਗਈ ਹੈ।