ਆਪਣੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਖੁਸ਼ ਹੋਏ ਲੋਕਾਂ ਵੱਲੋਂ ਡੀ.ਸੀ. ਤੇ ਹੋਰ ਅਧਿਕਾਰੀਆਂ ਦੀ ਸ਼ਲਾਘਾ
ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) 'ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਸੁਣਵਾਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ। ਇਸ ਮੌਕੇ ਆਪਣੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤੇ ਜਾਣ ਤੋਂ ਖੁਸ਼ ਹੋਏ ਕਈ ਨਾਗਰਿਕਾਂ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਂਪ ਦੌਰਾਨ ਲਗਪਗ 135 ਅਪੀਲਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਕੇ ਇਨ੍ਹਾਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਦੀ ਪ੍ਰਾਪਤ ਹੋਈ ਸ਼ਿਕਾਇਤ ਦੇ ਨਿਪਟਾਰੇ ਵਿੱਚ ਕੋਈ ਕੁਤਾਹੀ ਅਤੇ ਬਿਨ੍ਹਾਂ ਕਾਰਨ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।