ਸੁਨਾਮ : ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵੀਰਵਾਰ ਨੂੰ ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਤਾਜ ਸਿਟੀ ਵਿਖੇ ਸਥਿਤ ਰਿਹਾਇਸ਼ ਤੇ ਪੁੱਜੇ। ਬਾਬਾ ਜੀ ਵੱਲੋਂ ਪਰਿਵਾਰ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਸਿੱਖੀ ਦੇ ਪ੍ਰਚਾਰ ਅਤੇ ਪਸਾਰ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਹੋਰ ਪ੍ਰਚੰਡ ਕਰਨ ਲਈ ਵੱਖ ਵੱਖ ਸ਼ਹਿਰਾਂ , ਕਸਬਿਆਂ ਅਤੇ ਪਿੰਡਾਂ ਵਿੱਚ ਧਾਰਮਿਕ ਦੀਵਾਨਾਂ ਰਾਂਹੀ ਲਹਿਰ ਬਣਾਉਣ ਵਾਲੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਖਿਆ ਕਿ ਨੌਜਵਾਨਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਫਲਸਫੇ ਤੋਂ ਸੇਧ ਲੈਕੇ ਬਾਣੀ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਸਮੁੱਚੀ ਮਾਨਵਤਾ ਦੇ ਭਲੇ ਲਈ ਸੰਦੇਸ਼ ਦਿੰਦੀ ਹੈ। ਉਨ੍ਹਾਂ ਆਖਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਨਾਈ ਜਾ ਰਹੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਨਗਰ ਕੀਰਤਨ ਆਯੋਜਿਤ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ ਜਾ ਰਿਹਾ ਹੈ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਖਿਆ ਕਿ ਸਮੁੱਚੀ ਸਿੱਖ ਕੌਮ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਕੇ ਪੰਥ ਦੀ ਚੜ੍ਹਦੀਕਲਾ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਦੱਸ ਦੇਈਏ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਲੰਮੇ ਸਮੇਂ ਤੋਂ ਸਿੱਖ ਲਹਿਰ ਨੂੰ ਪ੍ਰਫੁੱਲਿਤ ਕਰਨ ਲਈ ਲੱਗੇ ਹੋਏ ਹਨ। ਇਸ ਸਮੇਂ ਸਰਦਾਰਨੀ ਸੁਖਦੇਵ ਕੌਰ, ਫੌਜਾ ਸਿੰਘ ਬਰਨਾਲਾ, ਇੰਸਪੈਕਟਰ ਬਲਕਾਰ ਸਿੰਘ ਚੌਹਾਨ, ਗੁਰਪ੍ਰੀਤ ਸਿੰਘ ਖਡਿਆਲ, ਹਰਿੰਦਰ ਸਿੰਘ ਗਰੇਵਾਲ, ਬੱਬੀ ਗਰੇਵਾਲ, ਵਿਕਰਾਂਤ ਸ਼ਰਮਾ, ਬਲਵਿੰਦਰ ਸਿੰਘ ਧਾਲੀਵਾਲ, ਬਲਜਿੰਦਰ ਕੌਰ ਸਾਬਕਾ ਸਰਪੰਚ ਬੀਰਕਲਾਂ, ਐਡਵੋਕੇਟ ਅਜੇਵੀਰ ਸਿੰਘ ਚਹਿਲ ਸਮੇਤ ਹੋਰ ਸੰਗਤਾਂ ਹਾਜ਼ਰ ਸਨ।