ਘਨੌਰ : ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਸੀਨੀਅਰ ਆਈ ਏ ਐਸ ਅਧਿਕਾਰੀ ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈਡ ਅਤੇ ਮਾੜੂ ਵਿਖੇ ਘੱਗਰ ਦਰਿਆ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਘੱਗਰ ਦੇ ਕਮਜ਼ੋਰ ਕਿਨਾਰਿਆਂ ‘ਤੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਐਸ.ਡੀ.ਐਮ ਅਵਿਕੇਸ਼ ਗੁਪਤਾ ਅਤੇ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ ਵੀ ਮੌਜੂਦ ਸਨ। ਦੋਵਾਂ ਅਧਿਕਾਰੀਆਂ ਨੇ ਸਰਾਲਾ ਹੈਡ ਵਿਖੇ ਇਲਾਕੇ ਦੇ ਪਤਵੰਤਿਆਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਜਿਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਮਾੜੂ ਵਿਖੇ ਘੱਗਰ ਦੇ ਕਿਨਾਰੇ ‘ਤੇ ਨਿਗਰਾਨੀ ਰੱਖਣ ਬਾਰੇ ਦੱਸਦਿਆਂ ਕਿਹਾ ਕਿ ਸਾਫ ਮੌਸਮ ਦੌਰਾਨ ਇਸ ਜਗ੍ਹਾ ‘ਤੇ ਪੱਥਰ ਲਗਾ ਕੇ ਪੱਕਾ ਕੀਤਾ ਜਾਵੇਗਾ। ਡਾ. ਪ੍ਰੀਤੀ ਯਾਦਵ ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪ੍ਰਬੰਧਾਂ ‘ਚ ਕੋਈ ਢਿੱਲ ਜਾਂ ਅਣਗਹਿਲੀ ਤੇ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਬਾਰੇ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ 0175-2350550 ਤੇ 2358550 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਲੋਕ ਸਾਵਧਾਨ ਰਹਿਕੇ ਅਫ਼ਵਾਹਾਂ ਤੋਂ ਬਚਣ ਅਤੇ ਵਗਦੇ ਪਾਣੀ ਨੇੜੇ ਨਾ ਜਾਣ ਸਮੇਤ ਬੱਚਿਆਂ ਤੇ ਮਵੇਸ਼ੀਆਂ ਨੂੰ ਵੀ ਪਾਣੀ ਤੋਂ ਦੂਰ ਰੱਖਣ।