ਸੰਗਰੂਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਅਤੇ ਚਾਰੇ ਦੇ 05 ਟਰੱਕ ਦਿੜ੍ਹਬਾ ਤੇ ਸੰਗਰੂਰ ਤੋਂ ਵਿੱਤ ਮੰਤਰੀ ਸ. ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਲੈ ਕੇ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਨੇ ਇਸ ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਦਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਧੰਨਵਾਦ ਵੀ ਕੀਤਾ। ਸ. ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਪੱਧਰ ਉੱਤੇ ਕੋਈ ਕਮੀ ਨਹੀਂ ਛੱਡੀ ਜਾ ਰਹੀ। ਦਿੜ੍ਹਬਾ ਅਤੇ ਸੰਗਰੂਰ ਤੋਂ ਰਾਹਤ ਸਮੱਗਰੀ ਭੇਜਣ ਹਿਤ ਸ. ਸੋਹੀ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਸਮੇਤ ਵਖੋ-ਵੱਖ ਅਹੁਦੇਦਾਰਾਂ ਤੇ ਪਤਵੰਤਿਆਂ ਦਾ ਉਚੇਚੇ ਤੌਰ ਉੱਤੇ ਧੰਨਵਾਦ ਵੀ ਕੀਤਾ ਗਿਆ।