ਸੁਨਾਮ : ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸਨ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪੱਛੜੀਆਂ ਸ਼੍ਰੇਣੀਆਂ ਦੇ ਰਿਜ਼ਰਵੇਸ਼ਨ ਕੋਟੇ ਵਿੱਚ ਵਾਧੇ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਸਿਖਿਆ ਮੰਤਰੀ ਹਰਜੋਤ ਬੈਂਸ, ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਅਤੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾਕਟਰ ਮਲਕੀਅਤ ਸਿੰਘ ਥਿੰਦ ਵੀ ਮੌਜੂਦ ਸਨ। ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਦੱਸਿਆ ਕਿ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਦੀਆਂ 74 ਜਾਤੀਆਂ ਲਈ ਸਿਰਫ 13 ਫੀਸਦੀ ਰਿਜ਼ਰਵੇਸ਼ਨ ਹੀ ਹੈ ਜੋ ਕਿ ਬਹੁਤ ਘੱਟ ਹੈ ਉਨ੍ਹਾਂ ਦੱਸਿਆ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਹਿ ਕਨਵੀਨਰ ਮੁਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ ਹੈ ਜਿਸ ਵਿਚ ਉਨ੍ਹਾਂ ਰਿਜ਼ਰਵੇਸ਼ਨ ਕੋਟੇ ਨੂੰ 27 ਫੀਸਦੀ ਕਰਨ ਦੀ ਮੰਗ ਕੀਤੀ ਹੈ। ਜੋਸ਼ਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੀ ਗੱਲ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀ ਮੰਗ ਨੂੰ ਪ੍ਰਵਾਨ ਕਰਵਾਉਣ ਲਈ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਪ੍ਰਵਾਨ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜਸਪਾਲ ਹਾਂਡਾ, ਪਾਲਾ ਭੱਟੀ, ਇਕਬਾਲ ਸਿੰਘ, ਗੁਰਦੀਪ ਸਿੰਘ, ਵਿੱਕੀ, ਸੰਜੀਵ ਕੰਬੋਜ਼ ਸਮੇਤ ਕੰਬੋਜ਼ ਭਾਈਚਾਰੇ ਦੇ ਹੋਰ ਆਗੂ ਹਾਜ਼ਰ ਸਨ।