ਮਹਿਲ ਕਲਾਂ : ਬਰਨਾਲਾ ਤੋਂ ਬਦਲ ਕੇ ਆਏ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਥਾਣਾ ਠੁੱਲੀਵਾਲ ਵਿਖੇ ਨਵੇਂ ਥਾਣਾ ਮੁਖੀ ਵਜੋਂ ਸਮੂਹ ਸਟਾਫ ਦੀ ਹਾਜ਼ਰੀ ਵਿਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਨਵੇਂ ਆਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਠੁੱਲੀਵਾਲ ਥਾਣੇ ਦੇ ਮੁਖੀ ਵਜੋਂ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਥਾਣੇ ਦੇ ਅਧੀਨ ਆਉਣ ਵਾਲੇ ਪਿੰਡਾਂ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਲੋਕਾਂ ਦੇ ਮਨ ਵਿਚ ਪੁਲਿਸ ਪ੍ਰਤੀ ਭਰੋਸਾ ਵਧਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਤਹਿਤ ਠੁੱਲੀਵਾਲ ਥਾਣੇ ਦੇ ਪਿੰਡਾਂ ਵਿਚ ਸਰਚ ਅਭਿਆਨ ਤੇਜ਼ੀ ਨਾਲ ਚਲਾਇਆ ਜਾਵੇਗਾ। ਇਹ ਮੁਹਿੰਮ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਜਾਂ ਵਪਾਰ ਕਰਨ ਵਾਲਿਆਂ ਵਿਰੁੱਧ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਨਸ਼ਾ ਵਿਰੁੱਧ ਜੰਗ ਵਿਚ ਗ੍ਰਾਮ ਪੰਚਾਇਤਾਂ, ਸਮਾਜਿਕ ਸੰਸਥਾਵਾਂ, ਜਥੇਬੰਦੀਆਂ, ਕਲੱਬਾਂ ਅਤੇ ਮੀਡੀਆ ਦਾ ਸਹਿਯੋਗ ਲਿਆ ਜਾਵੇਗਾ। ਜਿਹੜੇ ਲੋਕ ਨਸ਼ਿਆਂ ਦੀ ਜਾਣਕਾਰੀ ਦੇਣਗੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਠੁੱਲੀਵਾਲ ਥਾਣੇ ਦੇ ਏ.ਐੱਸ.ਆਈ. ਅਮਰਜੀਤ ਸਿੰਘ, ਏ.ਐੱਸ.ਆਈ. ਜਸਵਿੰਦਰ ਸਿੰਘ, ਏ.ਐੱਸ.ਆਈ. ਮਨਜਿੰਦਰ ਸਿੰਘ ਅਤੇ ਏ.ਐੱਸ.ਆਈ. ਮਨਜੀਤ ਸਿੰਘ ਦੀ ਗਵਾਹੀ ਹੇਠ ਸਮੂਹ ਸਟਾਫ ਵੱਲੋਂ ਨਵੇਂ ਥਾਣਾ ਮੁਖੀ ਬਲਵਿੰਦਰ ਸਿੰਘ ਦਾ ਗੁਲਦਸਤਾ ਭੇਟ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੁਨਸ਼ੀ ਗੁਰਦੀਪ ਸਿੰਘ, ਹੌਲਦਾਰ ਦੀਪ ਸਿੰਘ ਬੁੱਧ ਸਿੰਘ ਅਤੇ ਹੋਰ ਦੇ ਕਰਮਚਾਰੀ ਵੀ ਹਾਜ਼ਰ ਸਨ।