Wednesday, September 03, 2025

Chandigarh

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ : ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ

August 31, 2025 07:43 PM
SehajTimes

ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਜ਼ਮੀਨੀ ਪੱਧਰ 'ਤੇ ਕੀਤਾ ਜਾ ਰਿਹੈ ਮੁਲਾਂਕਣ


ਚੰਡੀਗੜ੍ਹ : ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਨਿਰਵਿਘਨ ਰਾਹਤ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਰਾਜ ਵਿੱਚ 3 ਲੱਖ ਏਕੜ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਵਾ ਲੱਖ ਦੇ ਕਰੀਬ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਸ ਦੌਰੇ ਮੌਕੇ ਉਨ੍ਹਾਂ ਨਾਲ ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਏਡੀਸੀ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।

ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਏ ਨੁਕਸਾਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਢਲੀ ਤਰਜੀਹ ਹੜ੍ਹ ਵਿੱਚ ਫਸੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਰਾਹਤ ਕੇਂਦਰਾਂ ਵਿਚ ਸੁਰੱਖਿਅਤ ਰੱਖਣਾ ਅਤੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਲਈ ਖਾਣ-ਪੀਣ ਦੀ ਵਿਵਸਥਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਕੇ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਸਬੰਧੀ ਡਾਟਾ ਇਕੱਠਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ 107 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਅਤੇ 45000 ਦੇ ਕਰੀਬ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ। ਪ੍ਰਭਾਵਿਤ ਹੋਏ ਕੁਝ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਅੱਠ ਰਾਹਤ ਕੇਂਦਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਤੋਂ ਇਲਾਵਾ ਹਰ ਇੱਕ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਿੰਡ ਗਟੀ ਰਾਜੋ ਕੇ ਵਿਖੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਵਿੱਚ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਨਹੀਂ ਹੋ ਰਹੀ। ਇਸ ਲਈ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਸੀਬੀ ਦੀ ਸਹਾਇਤਾ ਨਾਲ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸੜਕ 'ਤੇ ਪਾਣੀ ਆ ਜਾਣ ਕਾਰਨ ਇਸ ਜਗ੍ਹਾ ਤੋਂ ਬਾਕੀ ਦੇ ਪਿੰਡ ਵੀ ਡਿਸਕਨੈਕਟ ਹੋ ਗਏ ਹਨ, ਉਨ੍ਹਾਂ ਦੀ ਕਨੈਕਟੀਵਿਟੀ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦਿਨ ਰਾਤ ਰਾਹਤ ਕਾਰਜਾਂ ਵਿੱਚ ਲੱਗਿਆ ਹੋਇਆ ਹੈ ਅਤੇ ਤਰਪਾਲਾਂ ਸਮੇਤ ਹੋਰ ਜ਼ਰੂਰੀ ਸਮਾਨ ਐਨਡੀਆਰਐਫ ਅਤੇ ਬੀਐਸਐਫ ਦੇ ਸਹਿਯੋਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 3300 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋ ਕਦਮ ਅੱਗੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਬਾਰਿਸ਼ ਜ਼ਿਆਦਾ ਜਾਂ ਘੱਟ ਹੋਣ ਦੀ ਸੂਰਤ ਵਿੱਚ ਡੈਮ ਤੋਂ ਪਾਣੀ ਛੱਡਣ ਜਾਂ ਨਾ ਛੱਡਣ ਸਬੰਧੀ ਸਾਰੀ ਕੈਲਕੂਲੇਸ਼ਨ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਅਤੇ ਹਰ ਇੱਕ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਯੋਜਨਾ ਬਣਾਈ ਗਈ ਹੈ।

ਇਸ ਪਿੱਛੋਂ ਸ੍ਰੀ ਅਨੁਰਾਗ ਵਰਮਾ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਐਸ.ਡੀ.ਐਮ. ਦਫਤਰ ਜਲਾਲਾਬਾਦ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿੱਚ ਹੜ੍ਹ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਹਤ ਕਾਰਜਾਂ ਵਿੱਚ ਕੋਈ ਉਣਤਾਈ ਨਾ ਆਵੇ ਅਤੇ ਹਰ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਸਤਲੁਜ ਕਰੀਕ ਦੇ ਬੰਨ੍ਹ ਅਤੇ ਡਰੇਨਾਂ 'ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਹੋਰ ਬਰੀਚ ਨਾ ਹੋਵੇ। ਉਨ੍ਹਾਂ ਹਦਾਇਤ ਕੀਤੀ ਕਿ ਡਰੇਨਾਂ ਵਿੱਚ ਪਾਣੀ ਦਾ ਪਰਵਾਹ ਰੁਕੇ ਨਾ ਅਤੇ ਜੇਕਰ ਕਿਤੇ ਕੋਈ ਰੁਕਾਵਟ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਡਰੇਨਾਂ ਨੂੰ ਓਵਰਫਲੋ ਹੋਣ ਤੋਂ ਬਚਾਇਆ ਜਾਵੇ। ਸ੍ਰੀ ਵਰਮਾ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਜੋ ਲੋਕ ਪਹੁੰਚੇ ਹਨ, ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਪ੍ਰਭਾਵਿਤ ਲੋਕਾਂ ਦੀ ਪਛਾਣ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਤੱਕ ਰਾਹਤ ਸਮੱਗਰੀ ਦੀ ਪਹੁੰਚ ਕੀਤੀ ਜਾਵੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾਕਟਰ ਮਨਦੀਪ ਕੌਰ, ਐਸ.ਡੀ.ਐਮ. ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕਮਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਕਾਰਜਕਾਰੀ ਇੰਜਨੀਅਰ ਡਰੇਨੇਜ ਅਲੋਕ ਚੌਧਰੀ, ਡੀਐਸਪੀ ਅਵਿਨਾਸ਼ ਚੰਦਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਯਤਨਾਂ ਸਦਕਾ, ਸਰਕਾਰ ਵੱਲੋਂ ਝਰਮਲ ਨਦੀ ਦੇ ਤੇਜ਼ ਵਹਾਅ ਚ ਡੁੱਬੇ ਜਨਕ ਰਾਜ ਦੇ ਵਾਰਸਾਂ ਨੂੰ 4 ਲੱਖ ਦੀ ਵਿੱਤੀ ਸਹਾਇਤਾ

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ : ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਸੁਖਮਨੀ ਗਰੁੱਪ ਨੇ ਡਰਮਾਟੋਗਲਾਈਫਿਕਸ ਮਲਟੀਪਲ ਇੰਟੈਲੀਜੈਂਸ ਟੈਸਟ 'ਤੇ ਅਪਸਕਿਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ

ਐਮ.ਐਲ.ਏ. ਡਾ. ਚਰਨਜੀਤ ਸਿੰਘ ਵੱਲੋਂ ਮਲਕਪੁਰ ਵਿਖੇ ਹੜ੍ਹ ਪ੍ਰਭਾਵਿਤ ਪੁੱਲ ਦਾ ਜਾਇਜ਼ਾ

ਹੜ੍ਹਾਂ ਦੇ ਮੁਸ਼ਕਿਲ ਸਮੇਂ ਵਿੱਚ ਸਾਰੀ ਪਾਰਟੀਆਂ ਇਕੱਠੇ ਹੋ ਕੇ ਰਾਹਤ ਕਾਰਜ਼ ਕਰਨ : ਐਸਐਮਐਸ ਸੰਧੂ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਨੂੰ ਪੱਕੇ ਤੌਰ ਤੇ ਹੱਲ ਕਰਨ ਲਈ ਵਚਨਵੱਧ : ਕੁਲਵੰਤ ਸਿੰਘ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਪਰਾਗਪੁਰ, ਇਬਰਾਹੀਮਪੁਰ, ਬੋਹੜਾ, ਬੋਹੜੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

ਭਾਜਪਾ ਨੇਤਾ ਬੰਨੀ ਸੰਧੂ ਵੱਲੋਂ ਘੱਗਰ ਦਰਿਆ ਦਾ ਜਾਇਜ਼ਾ, ਪੰਜਾਬ ਸਰਕਾਰ ‘ਤੇ ਲਾਪਰਵਾਹੀ ਦੇ ਦੋਸ਼

ਰਾਜ ਪੱਧਰੀ ਗਤਕਾ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਕੁਰਾਲੀ ‘ਚ ਥਾਣੇਦਾਰ ਤਿਲਕ ਰਾਜ ਨੇ ਕੀਤਾ ਸਨਮਾਨ