ਮੋਗਾ : ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਆਏ ਹੜਾਂ ਕਾਰਨ ਹਾਹਾਕਾਰ ਮੱਚੀ ਹੋਈ ਹੈ, ਜਿਸ ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਵਿਜੇ ਸਾਥੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਇਹ ਦਿਨ ਦੇਖਣ ਨੂੰ ਨਾ ਮਿਲਦੇ। ਉਨ੍ਹਾਂ ਆਖਿਆ ਕਿ ਸਰਕਾਰ ਨੇ ਇਸ ਪ੍ਰਤੀ ਕੋਈ ਵੀ ਧਿਆਨ ਨਹੀਂ ਦਿੱਤਾ। ਹੁਣ ਫੋਕੀ ਵਾਹ ਵਾਹ ਖੱਟਣ ਲਈ ਸਰਕਾਰ ਦਰ-ਦਰ ਜਾ ਕੇ ਲੋਕਾਂ ਦਾ ਹਾਲ ਚਾਲ ਪੁੱਛ ਰਹੀ ਹੈ। ਉਨ੍ਹਾਂ ਆਖਿਆ ਕਿ ਹੜਾਂ ਦੇ ਪਾਣੀ ਨਾਲ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਲੋਕ ਆਪਣਾ ਘਰ ਬਾਰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਸਮੇਤ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਬੇਸ਼ੱਕ ਲੋਕਾਂ ਦਾ ਦੁੱਖ ਸੁੱਖ ਅਤੇ ਹਾਲ ਚਾਲ ਜਾਣ ਰਹੇ ਹੈ, ਪਰ ਭਵਿੱਖ ਵਿਚ ਇਸ ਦੀ ਵਿਉਤਬੰਦੀ ਕੀਤੀ ਜਾਵੇ ਅਤੇ ਇਸਦਾ ਪੱਕਾ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਨੂੰ ਛੱਡ ਕੇ ਜਾਣਾ ਅਤੇ ਲੋਕਾਂ ਲਈ ਬਹੁਤ ਔਖਾ ਹੁੰਦਾ ਹੈ। ਉਨ੍ਹਾਂ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਾਲਾਤ ਜਲਦੀ ਤੋਂ ਜਲਦੀ ਠੀਕ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੜ ਪੀੜਿਤ ਪਰਿਵਾਰਾਂ ਨੂੰ ਬਣਦਾ ਮੁਆਵਜਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪੱਕੇ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਹੜਾਂ ਕਾਰਨ ਇਲਾਕਿਆਂ ’ਚ ਲੋਕਾਂ ਦੇ ਘਰ ਫਸਲਾਂ ਤੇ ਪਸ਼ੂ ਪੰਛੀ ਬਰਬਾਦ ਹੋ ਗਏ ਹਨ, ਜਿਸ ਨਾਲ ਪੀੜਿਤ ਪਰਿਵਾਰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਸਾਬਕਾ ਵਿਧਾਇਕ ਸਾਥੀ ਵਿਜੇ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ’ਚ ਜਲਦੀ ਸਰਵੇ ਕਰਵਾ ਕੇ ਨੁਕਸਾਨ ਦਾ ਸਹੀ ਮੁਆਵਜਾ ਪੀੜਿਤ ਪਰਿਵਾਰਾਂ ਨੂੰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ ਕਾਰਨ ਬੇਘੱਰ ਹੋਏ ਪਰਿਵਾਰਾਂ ਦੀ ਮੁੜ ਵਸਬੇ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇ ਤਾਂ ਜੋ ਉਹ ਜ਼ਿੰਦਗੀ ਨੂੰ ਦੁਬਾਰਾ ਸੁਚਾਰੂ ਢੰਗ ਨਾਲ ਚਲਾ ਸੱਕਣ। ਉਨ੍ਹਾਂ ਵੱਖ-ਵੱਖ ਜ਼ਿਲਿਆਂ ਦੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਰਾਹਤ ਸਮੱਗਰੀ ਸਹੀ ਲੋੜਵੰਦਾਂ ਪਰਿਵਾਰਾਂ ਤੱਕ ਪਹੁੰਚਾਈ ਜਾਵੇ ਅਤੇ ਕਿਸੇ ਤਰ੍ਹਾਂ ਦੀ ਵੀ ਬੇਇਨਸਾਫੀ ਨਾ ਹੋਵੇ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਹੜਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿਚ ਹਮੇਸ਼ਾ ਹੀ ਮੋਢੇ ਨਾਲ ਮੋਢਾ ਲਾ ਕੇ ਚੱਲੇਗੀ।