ਡੇਰਾਬਸੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਡੇਰਾਬੱਸੀ ਲਾਗੇ ਮੁਬਾਰਕਪੁਰ ਵਿਖੇ ਘੱਗਰ ਦਰਿਆ ਦੇ ਕਾਜ਼ਵੇ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਉਥੇ ਲਗਾਏ ਗਏ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਜਾਣਿਆ। ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਹੜ੍ਹਾਂ ਦੀ ਹਾਲਤ ਵਿਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਿਥੇ ਕਿਤੇ ਵੀ ਲੋੜ ਹੈ, ਉਥੇ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਮੈਡੀਕਲ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਕਿ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਾਲਾਤ ਵਿਚ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ, ਜਿਸ ਦੀ ਜਾਂਚ ਅਤੇ ਇਲਾਜ ਵਾਸਤੇ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਿਹਤ ਵਿਭਾਗ ਵਲੋਂ ਹੜ੍ਹਾਂ ਦੇ ਹਾਲਾਤ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਸ ਔਖੀ ਘੜੀ ਵਿਚ ਵੀ ਸਿਹਤ ਸੇਵਾਵਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ, ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।