ਡੇਰਾਬੱਸੀ : ਅੱਜ ਸਵੇਰੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਭਾਂਖਰਪੁਰ ਨੇੜੇ ਮੌਕੇ ਤੇ ਆਪਣੇ ਸੋਸ਼ਲ ਮੀਡੀਆ ਰਾਹੀ ਸੜਕ ਤੇ ਖੜੇ ਹੋਕੇ ਖਰਾਬ ਹੋਈ 24 ਘੰਟੇ ਵਿੱਚ ਸੜਕ ਨੂੰ ਸਹੀ ਕਰਨ ਦੀ ਸਖ਼ਤ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਆਖ਼ਰਕਾਰ ਹਰਕਤ ਵਿੱਚ ਆ ਗਏ। ਉਨ੍ਹਾਂ ਨੇ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਨੇੜੇ ਖਰਾਬ ਹੋਈ ਸੜਕ ਨੂੰ ਗੱਟਕਾ ਪਾਕੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਕੁਲਜੀਤ ਸਿੰਘ ਰੰਧਾਵਾ ਨੇ ਪਹਿਲਾਂ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਜਲਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਉਹ ਖੁਦ ਅਧਿਕਾਰੀਆਂ ਦੇ ਦਫ਼ਤਰ ਦੇ ਬਾਹਰ ਧਰਨਾ ਦੇਣਗੇ ਅਤੇ ਸੰਬੰਧਿਤ ਅਧਿਕਾਰੀਆਂ ਖਿਲਾਫ ਕਾਰਵਾਈ ਕਰਨਗੇ। ਉਨ੍ਹਾਂ ਦੀ ਇਸ ਸਖ਼ਤ ਪਹਿਲਕਦਮੀ ਦਾ ਅਸਰ ਹੋਇਆ ਅਤੇ ਅੱਜ ਐੱਨ.ਐੱਚ.ਏ.ਆਈ. ਦੀ ਟੀਮ ਨੇ ਸੜਕ 'ਤੇ ਗਟਕਾ ਪਾ ਕੇ ਰਿਪੇਅਰ ਦਾ ਕੰਮ ਸ਼ੁਰੂ ਕੀਤਾ, ਜਿਸ ਨਾਲ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲੇਗੀ।
ਇਸ ਮੌਕੇ 'ਤੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਅਧਿਕਾਰੀ ਇਸ ਤਰ੍ਹਾਂ ਦੀ ਲਾਪਰਵਾਹੀ ਵਰਤਣਗੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਨਾਲ ਇਲਾਕੇ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਅਤੇ ਵਿਧਾਇਕ ਦੀ ਪ੍ਰਸ਼ੰਸਾ ਕੀਤੀ।