ਕਿਰਤਪੁਰ ਸਾਹਿਬ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਵਿੱਚ ਸਥਾਨਕ ਵਿਧਾਇਕ ਹਰਜੋਤ ਬੈਂਸ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਅਤੇ ਅਸਿਸਟੈਂਟ ਸਿਵਲ ਸਰਜਨ ਡਾ. ਬੌਬੀ ਗੁਲਾਟੀ ਵੱਲੋਂ ਨਿਰੰਤਰ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਜੀ ਦੀ ਅਗਵਾਈ ਹੇਠ ਪਿੰਡ ਬੇਲੀਆਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ 50 ਤੋਂ ਵੱਧ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ। ਲੋਕਾਂ ਦੇ ਬੁਖ਼ਾਰ, ਚਮੜੀ ਰੋਗ, ਖੰਘ, ਡਾਇਰੀਆ, ਬਲੱਡ ਪ੍ਰੈਸ਼ਰ, ਸ਼ੂਗਰ ਆਦਿ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਨਾਲ ਹੀ ਐਂਟੀ ਲਾਰਵਾ ਸਪਰੇਅ ਕੀਤਾ ਗਿਆ, ਓ.ਆਰ.ਐਸ ਅਤੇ ਕਲੋਰਿਨ ਟੈਬਲਿਟਸ ਵੰਡੀਆਂ ਗਈਆਂ ਅਤੇ ਲੋਕਾਂ ਨੂੰ ਹੜ੍ਹ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਵੰਡੀਆਂ ORS ਪੈਕਟ ਅਤੇ ਕਲੋਰਿਨ ਟੈਬਲਿਟਸ ਦੀ ਨਿਯਮਿਤ ਵਰਤੋਂ ਕਰਨੀ ਚਾਹੀਦੀ ਹੈ। ਪਿੰਡ ਬੇਲੀਆਂ ਦੇ ਸਰਪੰਚ ਜੁਝਾਰ ਸਿੰਘ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਪਿੰਡ ਵਾਸੀਆਂ ਨੂੰ ਬਹੁਤ ਵੱਡੀ ਸਹਾਇਤਾ ਮਿਲ ਰਹੀ ਹੈ।