ਖਨੌਰੀ : ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਕਾਰਨ ਘੱਗਰ ਦਰਿਆ ਵਿੱਚ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਕਰੋੜ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ, ਐੱਸ ਡੀ ਐੱਮ ਮੂਣਕ ਸ੍ਰ ਸੂਬਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਰੋੜਾ ਅਤੇ ਸ਼੍ਰੀ ਗੋਇਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਪੰਜਾਬ ਇਸ ਵੇਲੇ ਬਹੁਤ ਹੀ ਤਰਸਯੋਗ ਹਾਲਤ ਵਿਚੋਂ ਗੁੱਜਰ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤੱਕ 15,688 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ, ਰਾਹਤ ਕੈਂਪਾਂ ਵਿੱਚ ਹਜ਼ਾਰਾਂ ਪ੍ਰਭਾਵਿਤ ਨਿਵਾਸੀ ਆਪਣਾ ਸਮਾਂ ਬਤੀਤ ਕਰ ਰਹੇ ਹਨ। ਮੌਜੂਦਾ ਸਮੇਂ 12 ਜ਼ਿਲ੍ਹਿਆਂ ਤੋਂ 1,000 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ ਜਾਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ। ਅੰਦਾਜ਼ਨ 94,000 ਹੈਕਟੇਅਰ ਖੇਤੀ ਯੋਗ ਜ਼ਮੀਨ, ਜਿਸ ਵਿੱਚ ਵਾਢੀ ਦੇ ਨੇੜੇ ਝੋਨੇ ਦੇ ਖੇਤ ਵੀ ਸ਼ਾਮਲ ਹਨ, ਡੁੱਬ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ। ਸੰਗਰੂਰ ਜ਼ਿਲ੍ਹੇ ਵਿੱਚੋਂ ਪਾਣੀ ਦੇ ਸੁਚਾਰੂ ਨਿਕਾਸ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜਨਤਕ ਸਹਿਯੋਗ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ, ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸਿੰਚਾਈ ਵਿਭਾਗ ਨਾਲ 87250-29785 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 'ਤੇ ਸੰਪਰਕ ਕਰ ਸਕਦੇ ਹਨ।