ਮਾਲੇਰਕੋਟਲਾ : ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਮਾਲੇਰਕੋਟਲਾ, ਕਮਿਊਨਿਟੀ ਸਿਹਤ ਕੇਂਦਰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿੱਚ ਵਿਸ਼ੇਸ਼ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਅਤੇ ਐਮਰਜੈਂਸੀ ਹਾਲਾਤਾਂ ਲਈ ਜ਼ਰੂਰੀ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਵਰਤੋਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਜਰੂਰਤ ਹੁੰਦੀ ਹੈ। ਅਜਿਹੇ ਵਿੱਚ ਘਰ 'ਚ ਤਿਆਰ ਕੀਤੇ ਭੋਜਨ ਨੂੰ ਤਰਜੀਹ ਦੇਣੀ ਚਾਹੀਦੀ ਹੈ, ਬਾਹਰੀ ਖਾਣੇ ਅਤੇ ਜੰਕ-ਫੂਡ ਤੋਂ ਪ੍ਰਹੇਜ ਕਰਨਾ ਚਾਹੀਂਦਾ ਹੈ। ਉਹਨਾਂ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵੱਗਣਾ ਆਦਿ ਦੇ ਲੱਛਣ ਦਿੱਸਣ ਤਾਂ ਇਹ ਡੇਂਗੂ ਬੁਖਾਰ ਹੋ ਸਕਦਾ ਹੈ। ਅਜਿਹੀ ਹਾਲਤ ਵਿੱਚ ਜਲਦ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਸੰਪਰਕ ਕਰਕੇ ਡਾਕਟਰੀ ਸਲਾਹ ਮੁਤਾਬਕ ਜਾਂਚ ਅਤੇ ਇਲਾਜ ਕਰਵਾਇਆ ਜਾਵੇ