ਪਟਿਆਲਾ : ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਫੂਡ ਸੇਫ਼ਟੀ ਟੀਮ ਨੂੰ ਸਟ੍ਰੀਟ ਫੂਡ ਵੈਂਡਰਾਂ ਦੀ ਚੈਕਿੰਗ ਅਤੇ ਸੁਰੱਖਿਆ ਦੀ ਜਾਂਚ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਜਨਤਾ ਨੂੰ ਗੰਦੇ ਪਾਣੀ ਤੋਂ ਬਚਾਇਆ ਜਾ ਸਕੇ। ਉਹਨਾਂ ਮੀਟਿੰਗ ਦੌਰਾਨ ਮਈ ਤੋਂ ਜੁਲਾਈ ਤੱਕ ਫੂਡ ਸੇਫ਼ਟੀ ਵਿਭਾਗ ਵੱਲੋਂ ਕੀਤੇ ਗਏ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਹਨਾਂ ਮੀਟਿੰਗ ਦੌਰਾਨ ਸਕੂਲ ਦੇ ਨੇੜਲੇ ਇਲਾਕਿਆਂ ਵਿੱਚ ਹਾਈ-ਕੈਫ਼ੀਨ ਵਰਗੇ ਪੀਣਯੋਗ ਪਦਾਰਥਾਂ ਤੇ ਸਰਕਾਰ ਵੱਲੋਂ ਲਗਾਏ ਗਏ ਪਾਬੰਦੀ ਦੇ ਹੁਕਮਾਂ ਦੀ ਪਾਲਣਾ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਮਿਡ ਡੇ ਮੀਲ ਕੇਂਦਰਾਂ ਅਤੇ ਆਂਗਨਵਾੜੀ ਕੇਂਦਰਾਂ ਨੂੰ ਫੂਡ ਸੇਫ਼ਟੀ ਰਜਿਸਟਰੇਸ਼ਨ ਤੁਰੰਤ ਪੂਰਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਪੋਸ਼ਣਯੋਗ ਖੁਰਾਕ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗ ਦੇ ਅਧਿਕਾਰੀ ਅਤੇ ਐਨ.ਜੀ.ਓਜ਼ ਹਾਜ਼ਰ ਸਨ ।