ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਕਰਾਸ ਕੰਟਰੀ ਅੰਤਰ ਕਾਲਜ ਦੌੜ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਇਸ ਦਿਨ ਮੌਕੇ ਲੜਕੀਆਂ ਦਾ ਹਾਕੀ ਮੈਚ ਵੀ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਵੀ ਕੱਢੀ। ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਤੋਂ ਡਾ. ਭੁਪਿੰਦਰ ਸਿੰਘ ਵਿਰਕ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਖੇਡਾਂ ਨੂੰ ਪੱਕੇ ਤੌਰ ਤੇ ਸ਼ਾਮਿਲ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਖੇਡ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਵਿਭਾਗ ਵਿਖੇ ਸਿਖਲਾਈ ਪ੍ਰਾਪਤ ਕਰ ਕੇ ਕੌਮਾਂਤਰੀ ਪੱਧਰ ਦੀਆਂ ਪ੍ਰਾਪਤੀਆਂ ਕਰ ਰਹੇ ਖਿਡਾਰੀਆਂ ਦੇ ਹਵਾਲੇ ਨਾਲ਼ ਵਿਭਾਗ ਦੀ ਸ਼ਲਾਘਾ ਕੀਤੀ।