ਪਟਿਆਲਾ : ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਕਰਨ ਵਾਲੇ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ। ਇਸ ਨਾਲ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਵੱਲ ਅਗਵਾਈ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ।
ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਵਸਤਾਂ ਦੇ ਭੰਡਾਰਨ ਦੀ ਸਖ਼ਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਹਨਾਂ 'ਚ ਅਨਾਜ ਅਤੇ ਵਸਤਾਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਸ਼ਾਮਲ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਵਾਸੀ , ਕਾਲਾਬਾਜ਼ਾਰੀ ਜਾਂ ਕੀਮਤ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਜ਼ਰੂਰੀ ਵਸਤਾਂ/ਪੈਟਰੋਲ/ਡੀਜ਼ਲ/ਆਦਿ ਸਬੰਧੀ ਸ਼ਿਕਾਇਤ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਰੂਪਪ੍ਰੀਤ ਕੌਰ ਸੰਧੂ ਡੀ.ਐਫ.ਐਸ.ਸੀ ਨੂੰ 98760-72078 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸੇ ਤਰ੍ਹਾਂ ਪਸ਼ੂਆਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) ਡਾ: ਰਾਜੀਵ ਗਰੋਵਰ 98145-51648 ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਮਨਦੀਪ ਸਿੰਘ 98152-60721 ਨੂੰ ਸੰਪਰਕ ਕੀਤਾ ਜਾ ਸਕਦਾ ਹੈ। ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਵਿਪਨ ਸਿੰਗਲਾ 9815431799 ਤੇ ਸੰਪਰਕ ਕੀਤਾ ਜਾ ਸਕਦਾ ਹੈ।