ਦਿੱਕਤ ਆਉਣ ‘ ਤੇ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੌਜੂਦ
ਪਟਿਆਲਾ : ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ.ਐਲ.ਏ. ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ। ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀ ਹੈ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਨਾਭਾ ਤੋਂ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ , ਅਤੇ ਸ਼ੁਤਰਾਣਾ ਤੋਂ ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਮੁੱਖ ਮਹਿਕਮੇ ਦੀ ਟੀਮ ਮੈਦਾਨ ਵਿੱਚ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੇ ਹਾਲਾਤ ਤੋਂ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਐਮ.ਐਲ.ਏ ਘਨੌਰ ਤੋਂ ਗੁਰਲਾਲ ਘਨੌਰ ਅਤੇ ਰਾਜਪੁਰਾ ਤੋਂ ਐਮ.ਐਲ.ਏ. ਨੀਨਾ ਮਿੱਤਲ ਆਪੋ ਆਪਣੇ ਖੇਤਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲੈ ਰਹੇ ਹਨ ਪਰ ਉਹ ਵੀ ਜ਼ਿਲ੍ਹੇ ਦੇ ਵਿਧਾਇਕਾਂ ਦੀ ਟੀਮ ਨਾਲ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕਾਰਜਾਂ ਨੂੰ ਨਾਲ ਲੈ ਕੇ ਲੋਕਾਂ ਵਿੱਚ ਵਿਚਰ ਰਹੇ ਹਨ। ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ । ਉਹਨਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਮੁਸ਼ਕਲ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਤੁਰੰਤ ਨਜ਼ਦੀਕੀ ਅਧਿਕਾਰੀਆਂ ਜਾਂ ਐਮਰਜੈਂਸੀ ਨੰਬਰਾਂ ਤੇ ਸੰਪਰਕ ਕੀਤਾ ਜਾਵੇ। ਸਾਰੇ ਵਿਧਾਇਕਾਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਕਿਸੇ ਵੀ ਹਾਲਤ ਵਿੱਚ ਸੇਵਾ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਸਰਕਾਰ ਅਤੇ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ