ਕੁਰਾਲੀ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਵੱਡੇ ਪੱਧਰ ਦੇ ਨੁਕਸਾਨ ਨੂੰ ਦੇਖਦੇ ਹੋਏ ਬਲਾਕ ਮਾਜਰੀ ਦੇ ਪਿੰਡ ਖੇੜਾ ਨੇ ਸ਼ਲਾਘਾਯੋਗ ਕਦਮ ਚੁੱਕਿਆ ਹੈ। ਗ੍ਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ, ਕੁਸ਼ਤੀ ਦੰਗਲ ਕਮੇਟੀ ਅਤੇ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਇਸ ਸਾਲ ਦਾ ਸਾਲਾਨਾ ਕੁਸ਼ਤੀ ਦੰਗਲ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਦਾ ਮੁੱਖ ਉਦੇਸ਼ ਮੇਲੇ ਲਈ ਇਕੱਠੀ ਕੀਤੀ ਜਾਣ ਵਾਲੀ ਰਾਸ਼ੀ ਨੂੰ ਹੜ੍ਹ ਪੀੜਤਾ ਦੀ ਆਰਥਿਕ ਮਦਦ ਲਈ ਵਰਤਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦਾ ਹੜ੍ਹਾਂ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ । ਫਸਲਾਂ ਘਰਾਂ ਅਤੇ ਪਸ਼ੂਆਂ ਆਦਿ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਕੁਦਰਤੀ ਆਫ਼ਤ ਕਾਰਨ ਲੋਕਾਂ ਦੀ ਆਰਥਿਕ ਪੱਖੋਂ ਹਾਲਤ ਬਹੁਤ ਕਮਜ਼ੋਰ ਹੋ ਗਈ ਹੈ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਨੂੰ ਵੱਡੇ ਪੱਧਰ ਤੇ ਮੁਆਵਜ਼ਾ ਦਿੱਤੇ ਜਾਣ ਤਾਂ ਜੇ ਪੀੜਤਾਂ ਨੂੰ ਦੁਬਾਰਾ ਆਪਣੇ ਪੈਰਾਂ ਤੇ ਖੜ੍ਹਾ ਹੋਣ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਕੁਸ਼ਤੀ ਦੰਗਲ 'ਤੇ ਖਰਚ ਹੋਣ ਵਾਲੇ ਪੈਸੇ ਦੀ ਵਰਤੋਂ ਹੁਣ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਆਰਥਿਕ ਮਦਦ ਲਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਪੀੜਤਾਂ ਨੂੰ ਉਨ੍ਹਾਂ ਦਾ ਕੰਮ ਮੁੜ ਸ਼ੁਰੂ ਕਰਨ ਲਈ ਲੋੜੀਂਦੀ ਸਮੱਗਰੀ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਕਦਮ ਪੰਜਾਬੀ ਭਾਈਚਾਰੇ ਦੀ ਆਪਸੀ ਸਾਂਝ ਅਤੇ ਮੁਸੀਬਤ ਵਿੱਚ ਇੱਕ ਦੂਜੇ ਦਾ ਸਾਥ ਦੇਣ ਦੀ ਭਾਵਨਾ ਨੂੰ ਦਰਸਾਉਂਦਾ ਹੈ। ਇਸ ਫੈਸਲੇ ਨਾਲ ਪਿੰਡ ਖੇੜਾ ਨੇ ਸਮੁੱਚੇ ਸਮਾਜ ਲਈ ਇੱਕ ਮਿਸਾਲ ਕਾਇਮ ਕੀਤੀ ਹੈ । ਇਸ ਮੌਕੇ ਤੇ ਜਥੇਦਾਰ ਅਜਮੇਰ ਸਿੰਘ ਖੇੜਾ(ਮੈਂਬਰ ਐਸ. ਜੀ.ਪੀ.ਸੀ), ਸਰਪੰਚ ਮੇਜਰ ਸਿੰਘ ਬਿੱਟੂ, ਗੁਰਦੁਆਰਾ ਕਮੇਟੀ ਪ੍ਰਧਾਨ ਬਲਜੀਤ ਸਿੰਘ, ਜੱਗਾ ਸਿੰਘ ਸੈਕਟਰੀ, ਛਿੰਝ ਕਮੇਟੀ ਦਰਸ਼ਨ ਸਿੰਘ ਨਾਗਰਾ, ਸੋਹਣ ਸਿੰਘ, ਭੀਮ ਸਿੰਘ ਖੇੜਾ, ਜਿੰਦਰ ਸਿੰਘ, ਪ੍ਰਦੀਪ ਸਿੰਘ ਨਾਗਰਾ, ਫ਼ੌਜੀ ਸੁਰਿੰਦਰ ਸਿੰਘ, ਸੱਜਣ ਸਿੰਘ, ਗੁਲਜ਼ਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਰੁਪਿੰਦਰ ਸਿੰਘ ਰੂਪਾ ਪੰਚ, ਗੁਰਿੰਦਰ ਸਿੰਘ, ਸੁਖਬੀਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਸਮੇਤ ਪਿੰਡ ਦੇ ਮੋਹਤਬਰ ਹਾਜ਼ਰ ਸਨ।