ਪਟਿਆਲਾ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2025 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2024 ‘ਚ ਛਪੀਆਂ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਪੰਜਾਬੀ ਪੁਸਤਕਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 273 ਕਿਤਾਬਾਂ ਪ੍ਰਾਪਤ ਹੋਈਆਂ ਸਨ।
ਐਲਾਨੇ ਗਏ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ’ਚ ਉੱਗੇ ਅਮਲਤਾਸ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਵੀਰ ਸਿੰਘ ਰਾਣਾ ਦੀ ਪੁਸਤਕ ‘70% ਪ੍ਰੇਮ ਕਥਾ’ ਨੂੰ, ਪ੍ਰਿੰ ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭਗਵੰਤ ਰਸੂਲਪੁਰੀ ਦੀ ਪੁਸਤਕ ‘ਡਲਿਵਰੀ ਮੈਨ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਡਾ. ਪਰਮਜੀਤ ਢੀਂਗਰਾ ਦੀ ਪੁਸਤਕ ‘ਕਿਤਾਬ ਜੋ ਅਜੇ ਬਾਕੀ ਹੈ’ ਨੂੰ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਸ਼ਮੀਲ ਦੀ ਪੁਸਤਕ ‘ਤੇਗ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਸੁਭਾਸ਼ ਭਾਸਕਰ ਦੀ ਪੁਸਤਕ ‘ਅਣਵੰਡਿਆ ਪੰਜਾਬ (ਡਾ. ਚੰਦਰ ਤ੍ਰਿਖਾ)’ ਨੂੰ, ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਅਮੀਆ ਕੁੰਵਰ ਦੀ ਪੁਸਤਕ ‘ਇਮਰੋਜ਼ਨਾਮਾ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਡਾ. ਇੰਦਰਪ੍ਰੀਤ ਸਿੰਘ ਧਾਮੀ ਦੀ ਪੁਸਤਕ ‘ਸੁਪਨਸਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਗੁਰਦੀਪ ਸਿੰਘ ਦੀ ਪੁਸਤਕ ‘ਇਹ ਦੇਸ ਪੰਜਾਬ ਦੀ ਸਮਝ ਨਾਹੀਂ’ ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ/ਕੋਸ਼ਕਾਰੀ/ਭਾਸ਼ਾ ਵਿਗਿਆਨ/ਵਿਆਕਰਣ/ਹਵਾਲਾ ਗ੍ਰੰਥ) ਜਗਤਾਰ ਸਿੰਘ ਸੋਖੀ ਦੀ ਪੁਸਤਕ ‘ਪੰਜਾਬੀ ਸਮਾਨਾਰਥਕ ਕੋਸ਼’ ਨੂੰ ਪ੍ਰਦਾਨ ਕੀਤੇ ਜਾਣਗੇ।
ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕਰ ਦਿੱਤੇ ਜਾਣਗੇ। ਬਾਕੀ ਰਹਿੰਦੇ ਹਿੰਦੀ, ਉਰਦੂ ਅਤੇ ਸੰਸਕ੍ਰਿਤ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।