ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵਫ਼ਦ ਨੇ ਪਿਛਲੇ ਦਿਨੀਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿੱਚ ਹੋਈ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਭਾਗ ਲਿਆ। 'ਭਾਰਤੀ ਸੰਵਿਧਾਨ ਦੇ ਪੰਝੱਤਰ ਸਾਲ: ਵਿਸ਼ਵ ਦੇ ਪ੍ਰਮੁੱਖ ਸੰਵਿਧਾਨਾਂ ਨਾਲ ਤੁਲਨਾ' ਵਿਸ਼ੇ 'ਤੇ ਕਰਵਾਈ ਗਈ ਇਹ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ 26 ਜਨਵਰੀ, 1950 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ ਪੂਰੇ ਹੋਣ ਦੇ ਹਵਾਲੇ ਨਾਲ਼ ਕਰਵਾਈ ਗਈ ਸੀ।
ਪੰਜਾਬੀ ਯੂਨੀਵਰਸਿਟੀ ਦੇ ਡੀਨ, ਅੰਤਰਰਾਸ਼ਟਰੀ ਮਾਮਲੇ, ਪ੍ਰੋ. ਦਮਨਜੀਤ ਸੰਧੂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਲਈ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗਤੀਵਿਧੀ ਸਾਡੇ ਵਿਦਿਆਰਥੀਆਂ ਨੂੰ ਕੂਟਨੀਤੀ, ਅੰਤਰਰਾਸ਼ਟਰੀ ਸਬੰਧਾਂ ਅਤੇ ਕਾਨੂੰਨ ਵਰਗੇ ਖੇਤਰਾਂ ਵਿੱਚ ਅੰਤਰਰਾਸ਼ਟਰੀ ਕਰੀਅਰ ਲਈ ਤਿਆਰ ਕਰਨ ਹਿਤ ਬਹੁਤ ਜ਼ਰੂਰੀ ਸਾਬਿਤ ਹੋਵੇਗੀ। ਅਜਿਹੀਆਂ ਗਤੀਵਿਧੀਆਂ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਉੱਤਮਤਾ ਲਈ ਲੋੜੀਂਦੇ ਵਿਸ਼ਵਵਿਆਪੀ ਗਿਆਨ ਨਾਲ ਲੈਸ ਕਰਦੀਆਂ ਹਨ।
ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਨੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਿਸ਼ਵ ਦੇ ਪ੍ਰਮੁੱਖ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਦਿੱਤਾ। ਇਸ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਜਸਟਿਸ ਦੀਪਾਂਕਰ ਦੱਤਾ, ਜਸਟਿਸ ਪੰਕਜ ਮਿੱਤਲ ਅਤੇ ਜਸਟਿਸ ਰਾਜੇਸ਼ ਬਿੰਦਲ ਵਰਗੀਆਂ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ਨੇਪਾਲ ਦੇ ਜਸਟਿਸ ਬਾਲਕ੍ਰਿਸ਼ਨ ਢਕਾਲ ਅਤੇ ਸ਼੍ਰੀਲੰਕਾ ਦੇ ਸਾਬਕਾ ਚੀਫ਼ ਜਸਟਿਸ ਪੀਟਰ ਮੋਹਨ ਮੈਥਰੀ ਪੀਰਿਸ ਵੀ ਮੌਜੂਦ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਚਾਂਸਲਰ, ਜਸਟਿਸ ਸ਼ੀਲ ਨਾਗੂ ਵੀ ਸਮਾਗਮ ਵਿੱਚ ਹਾਜ਼ਰ ਸਨ। ਵਿਦਿਆਰਥੀਆਂ ਨੇ ਵੱਖ-ਵੱਖ ਸੈਸ਼ਨਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਉਨ੍ਹਾਂ ਦੇ ਅਕਾਦਮਿਕ ਅਨੁਭਵ ਵਿੱਚ ਵਾਧਾ ਹੋਇਆ ਅਤੇ ਵੱਖ-ਵੱਖ ਸੱਭਿਆਚਾਰਾਂ ਵਿਚਕਾਰ ਕਾਨੂੰਨੀ ਗੱਲਬਾਤ ਨੂੰ ਹੁਲਾਰਾ ਮਿਲਿਆ।