ਖਨੌਰੀ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਹਲਕਾ ਲਹਿਰਾਗਾਗਾ ਦੇ ਘੱਗਰ ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀ ਹਿਫਾਜ਼ਤ ਲਈ ਲਗਾਤਾਰ ਯਤਨਸ਼ੀਲ ਹਨ। ਅੱਜ ਉਹ ਪੂਰਾ ਦਿਨ ਵਰ੍ਹਦੇ ਮੀਂਹ ਵਿੱਚ ਘੱਗਰ ਦਰਿਆ ਦੇ ਕੰਢਿਆਂ ਦਾ ਜਾਇਜ਼ਾ ਲੈਂਦੇ ਰਹੇ। ਇਸ ਦੌਰੇ ਦੌਰਾਨ ਉਹਨਾਂ ਨੇ ਖੁਦ ਪਹੁੰਚ ਕੇ ਕਮਜ਼ੋਰ ਕੰਢਿਆਂ ਉੱਤੇ ਰੇਤ ਦੀਆਂ ਬੋਰੀਆਂ ਲਗਵਾਈਆਂ। ਇਸ ਮੌਕੇ ਉਹਨਾਂ ਨਾਲ ਉਹਨਾਂ ਦੇ ਨਿੱਜੀ ਸਹਾਇਕ ਸ਼੍ਰੀ ਰਾਕੇਸ਼ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਅੱਜ ਉਹਨਾਂ ਨੇ ਮਕਰੋੜ ਸਾਹਿਬ, ਮੰਡਵੀ, ਚਾਂਦੂ, ਅਨੰਦਾਨਾ, ਖਾਨੌਰੀ ਅਤੇ ਘੱਗਰ ਨਾਲ ਲੱਗਦੇ ਕਈ ਇਲਾਕਿਆਂ ਦਾ ਦੌਰਾ ਕੀਤਾ। ਦੱਸਣਯੋਗ ਹੈ ਕਿ ਅੱਜ ਉਹਨਾਂ ਨੂੰ ਕਈ ਪਿੰਡਾਂ ਵਾਲਿਆਂ ਨੇ ਖਦਸ਼ਾ ਪ੍ਰਗਟਾਇਆ ਕਿ ਉਹਨਾਂ ਦੇ ਇਲਾਕਿਆਂ ਵਿੱਚ ਪਾੜ ਪੈਣ ਦਾ ਡਰ ਹੈ ਤਾਂ ਉਹ ਤੁਰੰਤ ਲੋਕਾਂ ਦੀ ਮਦਦ ਲਈ ਖੁਦ ਪਹੁੰਚ ਗਏ। ਇਸ ਦੌਰਾਨ ਉਹਨਾਂ ਨਾਲ ਉਹਨਾਂ ਦੇ ਵਿਭਾਗ ਦੀ ਸਮੁੱਚੀ ਟੀਮ ਦੇ ਨਾਲ ਨਾਲ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਦਰਿਆ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ, ਜਿੱਥੇ 2023 ਵਿੱਚ ਪਾੜ ਪਿਆ ਸੀ ਅਤੇ ਦਰਿਆ ਦੇ ਨਾਲ ਲੱਗਦੇ ਹੋਰ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨਾਂ ਤੋਂ ਠੀਕਰੀ ਪਹਿਰੇ ਵੀ ਸ਼ੁਰੂ ਕੀਤੇ ਹੋਏ ਹਨ। ਡਰੇਨੇਜ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ 'ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਡਰੇਨੇਜ ਵਿਭਾਗ ਨਾਲ 87250-29785 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 'ਤੇ ਜਾਂ ਮੂਨਕ ਕੰਟਰੋਲ ਰੂਮ ਨਾਲ 97802-95132 'ਤੇ ਸੰਪਰਕ ਕੀਤਾ ਜਾ ਸਕਦਾ ਹੈ।