ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਮੂਨਕ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ
ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਖਨੌਰੀ : ਘੱਗਰ ਸਬੰਧੀ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ ਤੇ ਪ੍ਰਸ਼ਾਸਨਿਕ ਅਧਿਕਾਰੀ ਘੱਗਰ ਦੇ ਖੇਤਰ ਵਿੱਚ 24 ਘੰਟੇ ਸਰਗਰਮ ਹਨ। ਕਿਸੇ ਵੀ ਕਿਸਮ ਦੀ ਐਮਰਜੈਂਸੀ ਬਾਬਤ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਘੱਗਰ ਦੇ ਖੇਤਰ ਨਾਲ ਸਬੰਧਤ ਸੰਭਾਵੀ ਤੌਰ ਉੱਤੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਰਾਹਤ ਕੈਂਪਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਵੱਲੋਂ ਐੱਸ.ਡੀ.ਐਮ. ਦਫਤਰ, ਮੂਨਕ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ ਗਈ। ਮੀਟਿੰਗ ਉਪਰੰਤ ਉਹਨਾਂ ਨੇ ਟੋਹਾਣਾ ਪੁਲ ਵਿਖੇ ਘੱਗਰ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਰਾਮਪੁਰ ਗੁੱਜਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੂਨਕ, ਲਾਰਡ ਸ਼ਿਵਾ ਸਕੂਲ ਹਮੀਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡਵੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ ਵਿਖੇ ਵੱਖੋ ਵੱਖ ਪਿੰਡਾਂ ਲਈ ਰਾਹਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਜਿਥੇ ਕਿਤੇ ਕੰਢਿਆਂ ਸਬੰਧੀ ਕੋਈ ਦਿੱਕਤ ਆਉਂਦੀ ਹੈ, ਉਹ ਫੌਰੀ ਦੂਰ ਕੀਤੀ ਜਾਵੇ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਡਰੇਨੇਜ ਵਿਭਾਗ ਨਾਲ 87250-29785 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 'ਤੇ ਜਾਂ ਮੂਨਕ ਕੰਟਰੋਲ ਰੂਮ ਨਾਲ 97802-95132 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।