Friday, September 05, 2025

Chandigarh

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

September 05, 2025 06:31 PM
SehajTimes

ਕੇਂਦਰ ਸਰਕਾਰ ਪੰਜਾਬ ਦੇ ਰੋਕੇ ਫ਼ੰਡ ਦੇਣ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦੇਵੇ : ਅਮਨ ਅਰੋੜਾ

ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਸਮਰੱਥਾ ਨਾਲ ਰਾਹਤ ਕਾਰਜਾਂ ਵਿੱਚ ਲੱਗੀ : ਅਮਨ ਅਰੋੜਾ

ਗੁਰਦਾਸਪੁਰ : ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ। ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ 'ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ 'ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ 'ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

Have something to say? Post your comment

 

More in Chandigarh

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਹੜ੍ਹਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ