ਚੰਡੀਗੜ੍ਹ : ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਰਾਸ਼ੀ ਉਨ੍ਹਾਂ ਨੇ ਆਪਣੀ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕਰਕੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ ਪੈਸਕੋ ਕਰਮਚਾਰੀਆਂ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ: “ਸਾਬਕਾ ਸੈਨਿਕ ਸੰਕਟ ਦੀ ਘੜੀ ਵਿੱਚ ਹਮੇਸ਼ਾ ਡਟੇ ਰਹੇ ਹਨ। ਇਹ ਯੋਗਦਾਨ ਉਨ੍ਹਾਂ ਦੀ ਆਪਣੀ ਸਰਗਰਮ ਸੇਵਾ ਤੋਂ ਇਲਾਵਾ ਸਮਾਜ ਦੀ ਸੇਵਾ ਕਰਨ ਲਈ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾ ਕਿਹਾ "ਮੈਂ ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਪੰਜਾਬੀਆਂ ਲਈ ਮਦਦ ਦਾ ਹੱਥ ਵਧਾਉਣ ਲਈ ਪੈਸਕੋ ਦੇ ਸਾਰੇ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।" ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਯੋਗਦਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦੇ ਹਨ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਇਸ ਯੋਗਦਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।