ਕਿਸਾਨਾਂ ਦੀਆਂ ਤਬਾਹ ਹੋਈਆਂ ਫ਼ਸਲਾਂ ਅਤੇ ਘਰਾਂ ਦਾ ਜਲਦ ਤੋਂ ਜਲਦ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ : ਝਿੰਜਰ
ਘਨੌਰ : ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਘਨੌਰ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕੀਤਾ। ਝਿੰਜਰ ਨੇ ਦੱਸਿਆ ਕਿ 2023 ਵਿੱਚ ਆਏ ਭਿਆਨਕ ਹੜ੍ਹ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਕੋਈ ਸਬਕ ਨਹੀਂ ਲਿਆ। 2 ਸਾਲ ਹੋ ਗਏ ਪਰ ਘੱਗਰ ਦਰਿਆ ਉੱਤੇ ਬੰਨ੍ਹ ਨਹੀਂ ਬਣਾਇਆ ਗਿਆ, ਜਿਸ ਕਾਰਨ ਹੁਣ ਦੁਬਾਰਾ ਦਰਜਨ ਤੋਂ ਵੱਧ ਪਿੰਡਾਂ ਨੂੰ ਪਾਣੀ ਦੀ ਮਾਰ ਝੱਲਣੀ ਪਈ। ਝਿੰਜਰ ਨੇ ਦੱਸਿਆ ਕਿ ਘਨੌਰ ਹਲਕੇ ਦੇ 24 ਦੇ ਕਰੀਬ ਪਿੰਡ ਹੜ੍ਹ ਦੀ ਚਪੇਟ ਵਿੱਚ ਆ ਗਏ ਹਨ, ਜਿਨ੍ਹਾਂ ਵਿੱਚੋਂ 13 ਤੋਂ ਵੱਧ ਪਿੰਡਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪਿੰਡਾਂ ਦਾ ਦੌਰਾ ਕਰ ਕੇ ਜਦੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਾਲਤ ਦੇਖੀ, ਤਾਂ ਮਨ ਬਹੁਤ ਦੁਖੀ ਹੋਇਆ। ਝਿੰਜਰ ਨੇ ਮੰਗ ਕੀਤੀ ਕਿ ਬੰਨ੍ਹ ਦਾ ਨਿਰਮਾਣ ਕਾਰਜ ਅਤੇ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹੜ੍ਹ ਕਾਰਨ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੇ ਘਰ, ਫਸਲਾਂ ਅਤੇ ਜਾਨੋ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੁਰੰਤ ਕਾਰਵਾਈ ਨਹੀਂ ਕਰਦੀ, ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਪੱਧਰ 'ਤੇ ਵੱਡਾ ਅੰਦੋਲਨ ਚਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਅਸੀਂ ਆਪਣਾ ਫ਼ੈਸਲਾ ਰਜ ਸਮਝਦੇ ਹਾਂ ਅਤੇ ਜਦ ਤੱਕ ਹੜ੍ਹ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਦਾ, ਅਸੀਂ ਚੁੱਪ ਨਹੀਂ ਬੈਠਾਂਗੇ।