ਸੁਨਾਮ : ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਆਏ ਹੜਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਮਜ਼ਦੂਰਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ। ਸੁਨਾਮ ਵਿਖੇ ਸਾਬਕਾ ਕੌਂਸਲਰ ਕਾਂਤਾ ਪੱਪਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਆਖਿਆ ਕਿ ਕੁਦਰਤੀ ਆਫ਼ਤਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮੱਦਦ ਕਰਨ ਲਈ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋਕੇ ਪੀੜਤਾਂ ਦੀ ਸਹਾਇਤਾ ਕੀਤੀ ਹੈ, ਮੌਜੂਦਾ ਸਮੇਂ ਵਿੱਚ ਵੀ ਵੱਖ ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਹੜ੍ਹ ਪੀੜਤਾਂ ਨੂੰ ਲੋੜੀਂਦੀਆਂ ਵਸਤਾਂ ਲੈਕੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਢੀਂਡਸਾ ਪਰਿਵਾਰ ਵੱਲੋਂ ਵੀ ਸਵਰਗੀ ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿੱਚ ਲੋੜਵੰਦਾਂ ਦੀ ਮੱਦਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੌਂਸਲਰ ਰਮੇਸ਼ ਕੁਮਾਰ ਪੱਪਾ, ਸੁਨੀਤਾ ਸ਼ਰਮਾ, ਕੌਂਸਲਰ ਮੋਂਟੀ ਮਧਾਨ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਓਐਸਡੀ ਜਸਵਿੰਦਰ ਸਿੰਘ ਖਾਲਸਾ, ਪ੍ਰਿਯਾ ਮਧਾਨ, ਸੁਰਿੰਦਰ ਸਿੰਘ ਘਾਸੀਵਾਲਾ, ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਰਵਿੰਦਰ ਗੋਰਖਾ ਸਮੇਤ ਹੋਰ ਆਗੂ ਹਾਜ਼ਰ ਸਨ।