ਅਜਨਾਲਾ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਪੀੜਤਾਂ ਦੀ ਸਹਾਇਤਾ ਕੈਂਪਾਂ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਹਨਾਂ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਸ. ਕਾਲਕਾ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਟਰੱਕਾਂ ਰਾਹੀਂ ਭੇਜੇ ਗਏ ਰਾਹਤ ਸਮਾਨ ਨੂੰ ਹੜ੍ਹ ਪੀੜਤ ਲੋਕਾਂ ਵਿੱਚ ਵੰਡਿਆ ਗਿਆ ਹੈ। ਇਸ ਵਿੱਚ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ, ਖੁਰਾਕ ਸਮੱਗਰੀ ਅਤੇ ਜ਼ਰੂਰੀ ਸਾਮਾਨ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਬਰਬਾਦ ਹੋਈ ਖੇਤੀ ਨੂੰ ਮੁੜ ਪੈਦਾਵਾਰ ਦੇ ਯੋਗ ਬਣਾਉਣ ਲਈ ਵੀ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹ ਵੀ ਉਚਾਰਿਆ ਕਿ ਦੇਸ਼ ਦੇ ਖੇਤੀ ਮੰਤਰੀ ਵੱਲੋਂ ਹਾਲ ਹੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਅੱਗੇ ਪੰਜਾਬ ਲਈ ਵੱਡੇ ਰਾਹਤ ਪੈਕੇਜ ਦੀ ਮੰਗ ਨੂੰ ਮਜ਼ਬੂਤੀ ਨਾਲ ਰੱਖੇਗੀ।