ਸੁਨਾਮ : ਸੁਨਾਮ ਇਲਾਕੇ ਅੰਦਰ ਲਗਾਤਾਰ ਪੈ ਰਹੇ ਮੀਂਹ ਕਾਰਨ ਘਰਾਂ ਦੀਆਂ ਛੱਤਾਂ ਨੁਕਸਾਨੀਆਂ ਜਾ ਰਹੀਆਂ ਹਨ, ਕਈ ਘਰਾਂ ਵਿੱਚ ਤਰੇੜਾਂ ਆ ਰਹੀਆਂ ਹਨ। ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸੁਨਾਮ ਸ਼ਹਿਰ ਦੇ ਵਾਰਡ ਨੰਬਰ ਗਿਆਰਾਂ ਵਿੱਚ ਤੇਜ਼ ਬਰਸਾਤ ਨਾਲ ਸ਼ਸੀ ਨਾਮਕ ਵਿਅਕਤੀ ਦੇ ਘਰ ਦੀ ਨੁਕਸਾਨੀ ਗਈ ਛੱਤ ਦਾ ਜਾਇਜ਼ਾ ਲੈਣ ਪੁੱਜੇ ਅਤੇ ਕਿਸੇ ਜਾਨੀ ਨੁਕਸਾਨ ਨਾ ਹੋਣ ਦੀ ਦੁਆ ਕੀਤੀ। ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਅੰਦਰ ਲਗਾਤਾਰ ਪੈ ਰਹੇ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬੱਦਲ ਫ਼ਟਣ ਨਾਲ ਆਏ ਹੜਾਂ ਨੇ ਸਾਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਲਗਾਤਾਰ ਪੈ ਰਹੇ ਮੀਂਹ ਕਾਰਨ ਗਰੀਬ ਪਰਿਵਾਰਾਂ ਨਾਲ ਸਬੰਧਿਤ ਵਿਅਕਤੀਆਂ ਦੇ ਘਰਾਂ ਦੀਆਂ ਛੱਤਾਂ ਡਿੱਗ ਰਹੀਆਂ ਹਨ। ਮਿਹਨਤ ਮਜ਼ਦੂਰੀ ਕਰਕੇ ਗੁਜ਼ਾਰਾ ਚਲਾਉਣ ਵਾਲੇ ਪਰਿਵਾਰਾਂ ਨੂੰ ਮੁੜ ਤੋਂ ਘਰ ਬਣਾਉਣੇ ਮੁਸ਼ਕਿਲ ਹੋ ਜਾਣਗੇ। ਉਨ੍ਹਾਂ ਆਖਿਆ ਕਿ ਉਹ ਅਜਿਹੇ ਮਾਮਲੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਸਰਕਾਰ ਵੱਲੋਂ ਮਕਾਨ ਬਣਾਉਣ ਲਈ ਦਿੱਤੀ ਜਾਣ ਵਾਲੀ ਰਕਮ ਮਿਲ ਸਕੇ। ਉਨ੍ਹਾਂ ਕਿਹਾ ਕਿ ਮੀਂਹ ਨਾਲ ਨੁਕਸਾਨੇ ਘਰ ਨੂੰ ਠੀਕ ਕਰਨ ਲਈ ਉਹ ਆਪਣੇ ਸਾਥੀਆਂ ਦੀ ਮੱਦਦ ਨਾਲ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਵਾਰਡ ਕੌਂਸਲਰ ਦੇ ਪਤੀ ਘਨਈਆ ਕੁਮਾਰ, ਅਸ਼ੋਕ ਡਾਵਲਾ , ਗੁਰਦਿਆਲ ਕੌਰ, ਵਿਕਰਾਂਤ ਸ਼ਰਮਾ ਅਤੇ ਦਲਵੀਰ ਸਿੰਘ ਹਾਜ਼ਰ ਸਨ।