ਡੇਰਾਬੱਸੀ : ਇੱਕ ਨੇਕ ਪਹਿਲਕਦਮੀ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਡੇਰਾਬੱਸੀ ਖੇਤਰ ਦੇ ਹੜ੍ਹ ਪ੍ਰਭਾਵਿਤ ਵਸਨੀਕਾਂ ਦੀ ਮਦਦ ਲਈ ਹੱਥ ਵਧਾਇਆ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਅਤੁਲ ਕਸਾਨਾ ਨੇ ਦੱਸਿਆ ਕਿ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ, ਜ਼ਿਲ੍ਹਾ ਅਦਾਲਤ ਐਸ.ਏ.ਐਸ. ਨਗਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 'ਪੰਜ ਕੋਰ ਕਮੇਟੀਆਂ' ਦਾ ਗਠਨ ਕੀਤਾ ਗਿਆ ਹੈ ਜੋ ਕਿ ਹੜ੍ਹ ਪੀੜਤਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਅਧੀਨ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਨਵਰੀਤ ਕੌਰ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਡੇਰਾਬੱਸੀ ਵੱਲੋਂ ਡੇਰਾਬੱਸੀ ਬਲਾਕ ਅਧੀਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਸਾਧਾਪੁਰ ਅਤੇ ਡੰਗਡੇਹਰਾ ਵਿਚ 50 ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਉਨ੍ਹਾਂ ਵਲੋਂ ਪ੍ਰਭਾਵਿਤ ਵਸਨੀਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਨ੍ਹਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ।