ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀਆਂ ਸਮੇਤ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਨ ਲਈ ਕਾਰਜਕਾਰੀ ਇੰਜੀਨੀਅਰਾਂ ਦੀ ਤਾਇਨਾਤੀ ਕੀਤੀ ਹੈ।
ਡਾ. ਪ੍ਰੀਤੀ ਯਾਦਵ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਅਧਿਕਾਰੀ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਨ ਦੇ ਨਾਲ-ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਨੂੰ ਅਸਰਦਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਆਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਦੇ ਸਨਮੁੱਖ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਨੂੰ ਪਾਤੜਾਂ ਸਬ ਡਵੀਜਨ ਦਾ ਖੇਤਰ ਸੌਂਪਿਆ ਗਿਆ ਹੈ। ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ ਨੂੰ ਸ਼ੰਭੂ ਤੇ ਘਨੌਰ ਦੇ ਪਿੰਡ, ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੂੰ ਰਾਜਪੁਰਾ ਅਤੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਮਨਜੀਤ ਸਿੰਘ ਚੀਮਾ ਨੂੰ ਦੂਧਨਸਾਧਾਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜ ਕਰ ਦੇ ਸਹਾਇਕ ਕਰ ਕਮਿਸ਼ਨਰ ਕੰਨੂ ਗਰਗ ਨੂੰ ਸਨੌਰ ਹਲਕੇ ਦੇ ਪਿੰਡਾਂ ਲਈ ਤਾਇਨਾਤ ਕੀਤਾ ਗਿਆ ਹੈ। ਜਦਕਿ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਵਦੀਪ ਕੁਮਾਰ ਨੂੰ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦੇ ਇਲਾਕਿਆਂ ਲਈ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਇੱਕ ਹੋਰ ਹੁਕਮਾਂ ਮੁਤਾਬਕ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਮੰਡੀਕਰਨ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਨੂੰ ਰਾਜਪੁਰਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਵੀਨ ਮਿੱਤਲ ਨੂੰ ਦੂਧਨਸਾਧਾਂ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਭਲੀਨ ਸਿੰਘ ਧੰਜੂ ਨੂੰ ਵੀ ਦੂਧਨਸਾਧਾਂ ਤੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਾਂ ਹਰਪ੍ਰੀਤ ਸਿੰਘ ਕਟਾਰੀਆ ਤੇ ਪਰਮਜੀਤ ਸਿੰਘ ਨੂੰ ਪਾਤੜਾਂ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਹੈ। ਇਹ ਅਧਿਕਾਰੀ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਕੇ ਆਪਣੀ ਡਿਊਟੀ ਨਿਭਾਉਣਗੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਹ ਅਧਿਕਾਰੀ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ।