ਸੁਨਾਮ : ਸਰਕਾਰਾਂ ਦੀ ਨਾਅਹਿਲੀਅਤ ਕਾਰਨ ਪੰਜਾਬ ਅੰਦਰ ਆਏ ਹੜਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈਕੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 12 ਸਤੰਬਰ ਨੂੰ ਬੀਕੇਯੂ ਆਜ਼ਾਦ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਕੁਲਵਿੰਦਰ ਸਿੰਘ ਸੋਨੀ ਅਤੇ ਹੈਪੀ ਨਮੋਲ ਨੇ ਆਖਿਆ ਕਿ ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਅੰਦਰ ਆਏ ਹੜਾਂ ਨੇ ਕਿਸਾਨੀ ਦਾ ਲੱਕ ਤੋੜ ਦਿੱਤਾ ਹੈ। ਫਸਲਾਂ ਨੁਕਸਾਨੀਆਂ ਗਈਆਂ ਹਨ, ਘਰ ਢਹਿ ਗਏ ਅਤੇ ਲੱਖਾਂ ਰੁਪਏ ਮੁੱਲ ਦੇ ਪਸ਼ੂ ਮਰ ਗਏ ਹਨ। ਅਜਿਹੇ ਵਿੱਚ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੀ ਕਿਸਾਨੀ ਨੂੰ ਵੱਡੀ ਮਾਰ ਪਈ ਹੈ । ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਸਰਕਾਰ ਵੱਲੋਂ ਸਮੇਂ ਸਿਰ ਬਰਸਾਤੀ ਨਾਲਿਆਂ ਦੀ ਸਫ਼ਾਈ ਕਰਵਾਈ ਹੁੰਦੀ ਤਾਂ ਪੰਜਾਬ ਇਸ ਆਫ਼ਤ ਤੋਂ ਬਚ ਸਕਦਾ ਸੀ। ਕਿਸਾਨ ਆਗੂ ਹੈਪੀ ਨਮੋਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕਿਸਾਨਾਂ ਦੇ ਹੜਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਬਣਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈਕੇ 12 ਸਤੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਵੀ ਪੀੜਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਹੜ੍ਹ ਪੀੜਤਾਂ ਦੀ ਮੱਦਦ ਲਈ ਪਿੰਡਾ ਵਿੱਚ ਰਾਸ਼ਨ ਇਕੱਠਾਂ ਕਰਨ ਲਈ ਪਿੰਡ ਇਕਾਈਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।