ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਵਿਉਂਤਬੰਦੀ ਬਣਾਕੇ ਕਣਕ ਅਤੇ ਪਸ਼ੂਆਂ ਲਈ ਤੂੜੀ ਭੇਜਣ ਦਾ ਫੈਸਲਾ ਕੀਤਾ ਹੈ। ਰਾਹਤ ਸਮੱਗਰੀ ਇਕੱਠੀ ਕਰਨ ਲਈ ਬਕਾਇਦਾ ਮੁਹਿੰਮ ਦੇ ਤੌਰ ਤੇ ਪਿੰਡ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਸ਼ੁੱਕਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਜਥੇਬੰਦੀ ਦੀ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ , ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੂਬੇ ਅੰਦਰ ਆਏ ਹੜਾਂ ਕਾਰਨ ਸਰਹੱਦੀ ਖੇਤਰ ਵਿੱਚ ਫਸਲਾਂ ਨੁਕਸਾਨੀਆਂ ਗਈਆਂ ਹਨ, ਘਰ ਢਹਿ ਗਏ, ਅਜਿਹੇ ਹਾਲਾਤਾਂ ਵਿੱਚ ਲੋਕਾਂ ਦੇ ਘਰਾਂ ਵਿੱਚ ਰੱਖੀ ਕਣਕ ਅਤੇ ਪਸ਼ੂਆਂ ਲਈ ਤੂੜੀ ਖ਼ਰਾਬ ਹੋ ਗਈ ਹੈ। ਉਨ੍ਹਾਂ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨੂੰ ਖਾਣ ਲਈ ਕਣਕ ਅਤੇ ਪਸ਼ੂਆਂ ਲਈ ਤੂੜੀ ਭੇਜਣ ਦਾ ਫੈਸਲਾ ਕੀਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਆਈਆਂ ਆਫ਼ਤਾਂ ਸਮੇਂ ਪੰਜਾਬੀਆਂ ਨੇ ਇੱਕਜੁੱਟ ਹੋਕੇ ਹਮੇਸ਼ਾ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਦੇ ਬਿਆਨ ਕਾਗਜ਼ੀ ਸਿੱਧ ਹੋਏ ਹਨ। ਸੂਬੇ ਅੰਦਰ ਸਰਕਾਰਾਂ ਵੱਲੋਂ ਮੁਆਵਜ਼ਾ ਦੇਣ ਦੇ ਐਲਾਨ ਖੋਖਲੇ ਸਾਬਤ ਹੋਏ ਹਨ। ਦੋ ਸਾਲ ਪਹਿਲਾਂ ਹੜ੍ਹਾਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਜਦਕਿ ਮੁੱਖ ਮੰਤਰੀ ਨੇ ਮੁਰਗੀ ਤੇ ਬੱਕਰੀ ਮਰੀ ਦੇ ਪੈਸੇ ਦੇਣ ਦਾ ਐਲਾਨ ਕੀਤਾ ਸੀ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਦੀਆਂ ਪਿੰਡ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਵੱਲੋਂ ਘਰ ਘਰ ਜਾਕੇ ਲੋੜੀਂਦੀ ਕਣਕ ਅਤੇ ਤੂੜੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਰਾਹਤ ਸਮੱਗਰੀ ਦੀ ਵੰਡ ਕਰਨ ਲਈ ਬਕਾਇਦਾ ਪਹਿਲਾਂ ਲੋੜਵੰਦਾਂ ਦੀ ਪਛਾਣ ਕੀਤੀ ਜਾਵੇਗੀ।