ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ, ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿੱਚ ਭ੍ਰਿਸ਼ਟਾਚਾਰ ਫੈਲਾ ਰਹੇ ਵਿਅਕਤੀਆਂ ਤੇ ਕਾਬੂ ਪਾਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਕੇਸ ਵੀ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਦੋ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 5 ਸਾਲ ਦੀ ਕੈਦ ਅਤੇ 20,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।