Tuesday, November 04, 2025

Chandigarh

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

September 19, 2025 07:25 PM
SehajTimes

ਹੜ੍ਹਾਂ ਦੇ ਮੱਦੇਨਜ਼ਰ ਸੁਚਾਰੂ ਖ਼ਰੀਦ ਕਾਰਜਾਂ ਲਈ ਆੜ੍ਹਤੀਆਂ ਤੋਂ ਸਹਿਯੋਗ ਦੀ ਕੀਤੀ ਮੰਗ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ਦੇਣ ਕਾਰਨ ਕੇਂਦਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਆੜ੍ਹਤੀਏ ਖ਼ਰੀਦ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਖ਼ਰੀਦ ਪ੍ਰਕਿਰਿਆ ਦਾ ਥੰਮ੍ਹ ਦੱਸਿਆ।

ਆੜ੍ਹਤੀਆਂ ਦੀ ਅਹਿਮੀਅਤ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖਾਹ ਵਾਲੇ ਚਾਰਟਰਡ ਅਕਾਊਂਟੈਂਟ ਹੁੰਦੇ ਹਨ, ਜੋ ਫਸਲ ਦੀ ਪੈਦਾਵਾਰ ਅਤੇ ਵਿੱਤੀ ਲੈਣ-ਦੇਣ ਦੇ ਵਿਸਤ੍ਰਿਤ ਰਿਕਾਰਡ ਰੱਖਦੇ ਹਨ। ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਆੜ੍ਹਤੀਆਂ ਨਾਲ ਆਪਣੇ ਨਿੱਜੀ ਤਜਰਬੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ਰੀਦ ਪ੍ਰਕਿਰਿਆ ਦਾ ਮਹੱਤਵਪੂਰਨ ਅੰਗ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤਰਫੋਂ ਅਨਾਜ ਖਰੀਦਦੀ ਹੈ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਭਿਆਨਕ ਨੁਕਸਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2300 ਤੋਂ ਵੱਧ ਪਿੰਡ ਡੁੱਬ ਗਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਰਕਬੇ ਵਿੱਚ ਫਸਲਾਂ ਤਬਾਹ ਹੋ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁੱਖ ਵਾਲੀ ਗੱਲ ਇਹ ਹੈ ਕਿ ਇਸ ਦੌਰਾਨ 56 ਜਾਨਾਂ ਚਲੀਆਂ ਗਈਆਂ ਅਤੇ ਲਗਪਗ ਸੱਤ ਲੱਖ ਲੋਕ ਬੇਘਰ ਹੋ ਗਏ ਅਤੇ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਮੁੱਖ ਮੰਤਰੀ ਨੇ ਕਿਹਾ ਕਿ 3,200 ਸਰਕਾਰੀ ਸਕੂਲ, 19 ਕਾਲਜ, 1,400 ਕਲੀਨਿਕ ਅਤੇ ਹਸਪਤਾਲ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ 8,500 ਕਿਲੋਮੀਟਰ ਸੜਕਾਂ ਅਤੇ 2,500 ਪੁਲ ਵੀ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਲਗਪਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਸੂਬਾ ਸੰਕਟ ਵਿੱਚ ਹੈ ਅਤੇ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਵਿੱਤੀ ਸਹਾਇਤਾ ਦੀ ਉਮੀਦ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿੱਚ ਸਹਾਇਤਾ ਲਈ ਦੁਨੀਆ ਭਰ ਵਸਦੇ ਪੰਜਾਬੀਆਂ ਤੱਕ ਪਹੁੰਚ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਗਪਗ 1,000 ਵਿਅਕਤੀਆਂ ਨੇ ਪਹਿਲਾਂ ਹੀ ਇਸ ਨੇਕ ਕਾਰਜ ਲਈ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਆੜ੍ਹਤੀਆਂ ਨੂੰ ਮੰਡੀਆਂ ਵਿੱਚ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਈ ਅਹਿਮ ਕਦਮਾਂ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆੜ੍ਹਤੀਆਂ ਦੇ ਲਾਇਸੈਂਸਾਂ ਦੀ ਪ੍ਰਮਾਣਿਕਤਾ ਨੂੰ ਪੰਜ ਤੋਂ ਵਧਾ ਕੇ ਦਸ ਸਾਲ ਕੀਤਾ ਜਾਵੇਗਾ ਅਤੇ ਨਵੇਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੰਡੀਆਂ ਅਸਲ ਵਿੱਚ ਸਥਾਪਿਤ ਕੀਤੀਆਂ ਗਈਆਂ ਸਨ, ਉਸ ਸਮੇਂ ਆੜ੍ਹਤੀਆ ਨੂੰ ਅਲਾਟ ਕੀਤੀਆਂ ਦੁਕਾਨਾਂ ਦੀ ਉਸਾਰੀ ਨਾ ਕਰਨ ਨਾਲ ਸਬੰਧਤ ਲੰਬਿਤ ਬਕਾਏ, ਜੁਰਮਾਨੇ ਅਤੇ ਵਿਆਜ ਦਾ ਨਿਪਟਾਰਾ ਕਰਨ ਲਈ ਸਰਕਾਰ ਵੱਲੋਂ ਯਕਮੁਸ਼ਤ ਨਿਬੇੜਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ