ਸੁਨਾਮ : ਨੌਜ਼ਵਾਨ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਸੁਨਾਮ ਖੇਤਰ ਵਿੱਚ ਫੈਲੀ ਡੇਂਗੂ ਅਤੇ ਚਿਕਨ ਗੁਨੀਆ ਵਰਗੀ ਬਿਮਾਰੀ ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਅਤੇ ਸਿਹਤ ਵਿਭਾਗ ਦੀ ਨਲਾਇਕੀ ਕਾਰਨ ਲੋਕ ਖਮਿਆਜ਼ਾ ਭੁਗਤ ਰਹੇ ਹਨ। ਬਿਮਾਰੀ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸੋਮਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਬਿਮਾਰੀਆਂ ਦੇ ਇਸ ਪੱਧਰ ਤੇ ਫੈਲਣ ਵਿੱਚ ਜਿੱਥੇ ਪਿਛਲੇ ਮਹੀਨੇ ਦਾ ਬਰਸਾਤੀ ਮੌਸਮ ਕਾਰਨ ਹੈ ਉੱਥੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਨਲਾਇਕੀ ਕਥਿਤ ਤੌਰ ਤੇ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣੇ ਪਿੰਡਾਂ ਦਾ ਖੇਤਰ ਹੈ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸ਼ਹਿਰ ਹੈ ਬਾਵਜੂਦ ਇਸਦੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਸਿਹਤ ਵਿਭਾਗ ਨੇ ਸਮਾਂ ਰਹਿੰਦਿਆਂ ਲੋੜੀਂਦੇ ਢੁਕਵੇਂ ਕਦਮ ਨਹੀਂ ਚੁੱਕੇ। ਉਨ੍ਹਾਂ ਆਖਿਆ ਕਿ ਸੁਨਾਮ ਇਲਾਕੇ ਵਿੱਚ ਬਿਮਾਰੀ ਕਾਰਨ ਹਾਲਾਤ ਬਦ ਤੋਂ ਬਦਤਰ ਬਣੇ ਹੋਏ ਹਨ ਦੂਜੇ ਪਾਸੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੰਕੜਿਆਂ ਦੀ ਖੇਡ ਖੇਡੀ ਜਾ ਰਹੀ ਹੈ। ਪਿਛਲੇ ਕੁੱਝ ਹਫ਼ਤਿਆਂ ਤੋਂ ਡੇਂਗੂ ਅਤੇ ਚਿਕਨ ਗੁਨੀਆ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕ ਬੁਖਾਰ, ਸਰੀਰ ਵਿੱਚ ਦਰਦ, ਜੋੜਾਂ ਦੀ ਸੋਜ ਅਤੇ ਕਮਜ਼ੋਰੀ ਤੋਂ ਪੀੜਤ ਹਨ। ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਦੱਸਣ ਅਨੁਸਾਰ ਇਨ੍ਹਾਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਜ਼ਿਲ੍ਹਾ ਹਸਪਤਾਲਾਂ ਵਿੱਚ ਇੱਕ ਵਿਸ਼ੇਸ਼ ਵਿਭਾਗ ਸਥਾਪਤ ਕੀਤਾ ਗਿਆ ਹੈ। ਡਾਕਟਰਾਂ ਅਨੁਸਾਰ, ਇਹ ਬਿਮਾਰੀਆਂ ਮੱਛਰਾਂ ਦੇ ਕੱਟਣ ਨਾਲ ਫੈਲਦੀਆਂ ਹਨ, ਅਤੇ ਮੱਛਰਾਂ ਦੀ ਪੈਦਾਵਾਰ ਖਾਸ ਤੌਰ 'ਤੇ ਗੰਦੇ ਪਾਣੀ ਅਤੇ ਪਾਣੀ ਭਰਨ ਵਾਲੇ ਖੇਤਰਾਂ ਵਿੱਚ ਪ੍ਰਚਲਿਤ ਹੈ।ਸਿਹਤ ਵਿਭਾਗ ਨੇ ਖੇਤਰੀ ਅਧਿਕਾਰੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਦੀ ਟੀਮ ਨੇ ਸੁਨਾਮ ਦੇ ਵੱਖ-ਵੱਖ ਖੇਤਰਾਂ ਵਿੱਚ ਮੱਛਰਦਾਨੀ ਵੰਡਣੀ, ਮੱਛਰ ਦੇ ਆਂਡੇ ਨਸ਼ਟ ਕਰਨ ਅਤੇ ਪਾਣੀ ਭਰੇ ਖੇਤਰਾਂ ਦੀ ਸਫਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਅਤੇ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।