ਖਡਿਆਲ ਕੋਠੇ ਅਤੇ ਰਾਮਪੁਰ ਕੋਠੇ ਛਾਜਲੀ ਵਿਖੇ ਲਗਾਏ ਗਏ ਮੈਡੀਕਲ ਕੈਂਪ
ਸੁਨਾਮ : ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਹੜ੍ਹ ਪ੍ਰਭਾਵਿਤ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਜਾਂਚ ਕੈਂਪ ਲਗਾਏ ਜਾ ਰਹੇ ਹਨ, ਘਰ ਘਰ ਜਾ ਕੇ ਸਰਵੇ ਤੇ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਟੀਮਾਂ ਵੀ ਨਿਰੰਤਰ ਕਾਰਜਸ਼ੀਲ ਹਨ। ਡਾਕਟਰ ਗਗਨ ਖੀਪਲਾ ਮੁਤਾਬਿਕ ਪਿੰਡਾਂ ‘ਚ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਕੋਠੇ ਖਡਿਆਲ ਅਤੇ ਰਾਮਪੁਰ ਕੋਠੇ ਛਾਜਲੀ ਵਿਖੇ ਡਾਕਟਰਾਂ ਦੀ ਅਗਵਾਈ ਵਿੱਚ ਮੈਡੀਕਲ ਜਾਂਚ ਕੈਂਪ ਲਗਾਏ ਗਏ, ਕ੍ਰਮਵਾਰ 48 ਅਤੇ 51 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ ਵੱਖ ਪਿੰਡਾਂ ‘ਚ ਘਰ ਘਰ ਜਾ ਕੇ ਬੁਖ਼ਾਰ ਸਮੇਤ ਹੋਰਨਾਂ ਬਿਮਾਰੀਆਂ ਦੇ ਕੇਸ ਲੱਭਣ ਲਈ ਸਰਵੇ ਕੀਤਾ ਜਾ ਰਿਹਾ ਹੈ। ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਕੂਲਰਾਂ,ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆਂ ਆਦਿ ਵਿੱਚ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਉਹ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਟੈਸਟ ਅਤੇ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸਿਹਤ ਸੰਬੰਧੀ ਸਮੱਸਿਆ ਸਾਹਮਣੇ ਆਉਣ ‘ਤੇ ਘਬਰਾਹਟ ਵਿੱਚ ਆਉਣ ਦੀ ਬਜਾਏ ਸਰਕਾਰੀ ਸਿਹਤ ਕੇਂਦਰ ਨਾਲ ਤਾਲਮੇਲ ਕੀਤਾ ਜਾਵੇ।