ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਸਰਕਾਰਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਵੱਲ ਸੁਹਿਰਦਤਾ ਨਹੀਂ ਦਿਖਾ ਰਹੀਆਂ। ਉਨ੍ਹਾਂ ਆਖਿਆ ਕਿ ਸਮਾਣਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਟਾਵਰ ਉੱਪਰ ਬੈਠ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਅਤੇ ਧਾਰਮਿਕ ਗ੍ਰੰਥਾਂ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰਕੇ ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਲਈ ਭਾਈ ਗੁਰਜੀਤ ਸਿੰਘ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਐਤਵਾਰ ਨੂੰ ਜਾਰੀ ਬਿਆਨ ਵਿੱਚ ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਬਜਾਏ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਭਾਈ ਗੁਰਜੀਤ ਸਿੰਘ ਜੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ ਜੋ ਕਿ ਹਰ ਇੱਕ ਧਰਮ ਦੇ ਧਾਰਮਿਕ ਸਥਾਨਾਂ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਅੰਦੋਲਨ ਲੜ ਰਹੇ ਹਨ ਕਿਉਂਕਿ ਹਰ ਇੱਕ ਧਰਮ ਸਤਿਕਾਰਯੋਗ ਹੈ ਅਤੇ ਹਰ ਇੱਕ ਧਰਮ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣਾ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ । ਰਣ ਸਿੰਘ ਚੱਠਾ ਨੇ ਕਿਹਾ ਕਿ ਸਰਕਾਰ ਆਪਣਾ ਰਾਜ ਧਰਮ ਨਿਭਾਉਂਦੇ ਹੋਏ ਬੇਅਦਬੀ ਨੂੰ ਰੋਕਣ ਲਈ ਤੁਰੰਤ ਸਖਤ ਤੋਂ ਸਖਤ ਕਾਨੂੰਨ ਬਣਾਵੇ ਕਿਉਂਕਿ ਇਹ ਮੌਜੂਦਾ ਸਰਕਾਰ ਬੇਅਦਬੀਆਂ ਰੋਕਣ ਦਾ ਵਾਅਦਾ ਕਰਕੇ ਹੀ ਸੱਤਾ ਵਿੱਚ ਆਈ ਸੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ਦਾ ਪੂਰਨ ਤੌਰ ਤੇ ਸਮਰਥਨ ਕਰਦੀ ਹੈ ਬੀਕੇਯੂ ਸਿੱਧੂਪੁਰ ਵੱਲੋਂ ਇਸ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।