ਸੁਨਾਮ : ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਕੈਮਿਸਟਾਂ ਦੇ ਵਫ਼ਦ ਨੇ ਜੀਐਸਟੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਪੰਜਾਬ ਜੀਐਸਟੀ ਕਮਿਸ਼ਨਰ ਜਤਿੰਦਰ ਜੋਰਵਾਲ (ਆਈਏਐਸ) ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਦੱਸਿਆ ਕਿ ਜੀਐਸਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਮੀਟਿੰਗ ਦੌਰਾਨ, ਨਵੀਆਂ ਜੀਐਸਟੀ ਦਰਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ, ਕੈਮਿਸਟ ਭਾਈਚਾਰੇ ਦੀਆਂ ਕਈ ਗਲਤ ਧਾਰਨਾਵਾਂ ਦੂਰ ਕੀਤੀਆਂ ਗਈਆਂ। ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਪਸ਼ਟ ਕੀਤਾ ਕਿ ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ, ਦਵਾਈਆਂ ਸਮੇਤ ਬਹੁਤ ਸਾਰੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਘਟੀਆਂ ਹਨ, ਜਿਸਦਾ ਸਿੱਧਾ ਫਾਇਦਾ ਖਪਤਕਾਰਾਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਅਤੇ ਵਿਭਾਗ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਜੋਰਵਾਲ ਨੇ ਕਿਹਾ, “ਸਾਡਾ ਉਦੇਸ਼ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ। ਵਿਭਾਗ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਿਹਾ ਹੈ।” ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਸਰਕਾਰ ਅਤੇ ਵਿਭਾਗ ਵਿਚਕਾਰ ਇੱਕ ਪੁਲ ਵਜੋਂ ਕੰਮ ਕਰੇਗੀ ਤਾਂ ਜੋ ਰਾਹਤ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਸੰਗਰੂਰ ਐਸੋਸੀਏਸ਼ਨ ਨੇ ਕਮਿਸ਼ਨਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਜਾਇਬ ਸਿੰਘ ਸੈਣੀ ਅਤੇ ਦੀਪਕ ਮਿੱਤਲ ਅਤੇ ਹੋਰ ਮੈਂਬਰ ਹਾਜ਼ਰ ਸਨ।