ਗੈਂਗਸਟਰ ਜਸਵੀਰ ਉਰਫ ਲੱਲਾ ਇੱਕ ਕਤਲ ਕੇਸ ਅਤੇ ਪੁਲਿਸ ਪਾਰਟੀ 'ਤੇ ਹੋਏ ਹਮਲੇ ਸਬੰਧੀ ਮਾਮਲੇ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਅਤੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਗੈਂਗਸਟਰ ਜਸਵੀਰ ਸਿੰਘ ਉਰਫ਼ ਲੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਕੈਲੀਬਰ ਦੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜਸਵੀਰ ਸਿੰਘ ਉਰਫ਼ ਲੱਲਾ ਨੂੰ ਉਸਦੇ ਵਿਦੇਸ਼ ਅਧਾਰਤ ਹੈਂਡਲਰ ਵੱਲੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ।
ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਜੁਲਾਈ 2024 ਵਿੱਚ ਹੋਏ ਪਰਮਿੰਦਰਦੀਪ ਸਿੰਘ ਉਰਫ਼ ਪ੍ਰਿੰਸ ਦੇ ਕਤਲ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਉਹ ਫਰਵਰੀ 2025 ਵਿੱਚ ਪੁਲਿਸ ਪਾਰਟੀ ਉੱਤੇ ਹੋਏ ਹਮਲੇ ਜਿਸ ਵਿੱਚ ਪੰਜਾਬ ਪੁਲਿਸ ਦਾ ਇੱਕ ਏਐਸਆਈ ਜ਼ਖਮੀ ਹੋ ਗਿਆ ਸੀ, ਵਿੱਚ ਵੀ ਸ਼ਾਮਲ ਸੀ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਬਿਕਰਮਜੀਤ ਬਰਾੜ ਅਤੇ ਡੀਐਸਪੀ ਡੀ ਅੰਮ੍ਰਿਤਸਰ ਦਿਹਾਤੀ ਗੁਰਿੰਦਰ ਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਮਿਲ ਕੇ ਸ਼ੱਕੀ ਜਸਵੀਰ ਉਰਫ਼ ਲੱਲਾ ਨੂੰ ਪਿੰਡ ਵਡਾਲਾ ਭੀਟੇਵਿੰਡ ਵਿਖੇ ਰੋਕਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਪਰ ਸੰਖੇਪ ਮੁਕਾਬਲੇ ਉਪਰੰਤ ਉਸਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ, ਐਸਆਈ ਚੰਦਰ ਅਤੇ ਐਸਆਈ ਕੋਮਲ ਕਰ ਰਹੇ ਸਨ।
ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਲੋੜੀਂਦੇ ਗੈਂਗਸਟਰ ਹੈਪੀ ਜੱਟ ਜੋ ਵਿਦੇਸ਼ ਭੱਜ ਗਿਆ ਸੀ, ਦਾ ਮੁੱਖ ਸ਼ੂਟਰ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਹੈਪੀ ਜੱਟ ਕਤਲ ਅਤੇ ਇਰਾਦਾ ਕਤਲ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਅਸਲਾ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਫਆਈਆਰ ਨੰਬਰ 199 ਮਿਤੀ 17/10/2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 111, 221 ਅਤੇ 132 ਅਤੇ ਅਸਲਾ ਐਕਟ ਦੀ ਧਾਰਾ 25 (8) ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋ ਵਿਖੇ ਦਰਜ ਕੀਤੀ ਗਈ ਹੈ।